ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਜੁਲਾਈ
ਇੱਥੇ ਅੱਜ ਹੋਈ ਭਰਵੀਂ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ। ਕਈ ਸੜਕਾਂ ’ਤੇ ਪਾਣੀ ਭਰਨ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰਾਜਧਾਨੀ ਦੇ ਨੀਵੇਂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਵੜ ਗਿਆ। ਲੋਕਾਂ ਨੇ ਮੀਂਹ ਦਾ ਪਾਣੀ ਰਿਹਾਇਸ਼ੀ ਇਲਾਕਿਆਂ ਵਿੱਚ ਵਹਿਣ ਤੇ ਪਾਣੀ ਭਰੀਆਂ ਸੜਕਾਂ ਤੋਂ ਲੰਘਦੇ ਵਾਹਨਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ। ਟ੍ਰੈਫਿਕ ਪੁਲੀਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਬਾਹਰ ਜਾਣ ਤੋਂ ਪਹਿਲਾਂ ਮੌਸਮ ਦੀ ਜਾਂਚ ਕਰਨ ਲਈ ਕਿਹਾ ਹੈ। “ਆਈਐਮਡੀ (ਭਾਰਤ ਮੌਸਮ ਵਿਭਾਗ) ਦੀ ਰਿਪੋਰਟ ਅਨੁਸਾਰ ਦਿੱਲੀ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਗਰਜ ਨਾਲ ਬਾਰਿਸ਼ ਹੋਈ। ਵਿਭਾਗ ਨੇ ਅਗਲੇ ਤਿੰਨ ਦਿਨਾਂ ਵਿੱਚ ਸ਼ਹਿਰ ਵਿੱਚ ਆਮ ਤੌਰ ’ਤੇ ਬੱਦਲਵਾਈ, ਦਰਮਿਆਨੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ। ਇਸ ਦੌਰਾਨ ਰਾਸ਼ਟਰੀ ਰਾਜਧਾਨੀ ਦਾ ਘੱਟੋ-ਘੱਟ ਤਾਪਮਾਨ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਇਕ ਡਿਗਰੀ ਵੱਧ ਹੈ। ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦੇ ਆਸਪਾਸ ਸੀ। ਆਈਐੱਮਡੀ ਨੇ ਦੋ-ਤਿੰਨ ਦਿਨਾਂ ਲਈ ਉੱਤਰ-ਪੱਛਮੀ ਭਾਰਤ ਵਿੱਚ ਵਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਦੇ ਪ੍ਰਾਇਮਰੀ ਮੌਸਮ ਕੇਂਦਰ ਸਫਦਰਜੰਗ ਆਬਜ਼ਰਵੇਟਰੀ ਨੇ 1 ਜੂਨ ਤੋਂ ਮੌਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 201 ਮਿਲੀਮੀਟਰ ਦੇ ਸਾਧਾਰਨ ਦੇ ਮੁਕਾਬਲੇ 189.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਹੈ। ਮੌਸਮ ਵਿਭਾਗ ਨੇ ਰਾਜਧਾਨੀ ਵਾਸੀਆਂ ਨੂੰ ਅਗਲੇ ਤਿੰਨ ਦਿਨ ਮੀਂਹ ਤੋਂ ਸਾਵਧਾਨ ਕਰਦਿਆਂ ਸਫ਼ਰ ਕਰਨ ਲਈ ਮੌਸਮ ਦੀ ਜਾਣਕਾਰੀ ਲੈਣ ਦੀ ਅਪੀਲ ਕੀਤੀ ਹੈ।