ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 16 ਅਗਸਤ
ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਦੂਜੀ ਕੋਵਿਡ ਲਹਿਰ ਦੌਰਾਨ ਸ਼ਹਿਰ ਵਿੱਚ ਆਕਸੀਜਨ ਨਾਲ ਸਬੰਧਤ ਮੌਤਾਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਦੀ ਫਾਈਲ ਉਪ ਰਾਜਪਾਲ ਅਨਿਲ ਬੈਜਲ ਨੂੰ ਭੇਜੀ ਹੈ। ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ ਕਰੋਨਾਵਾਇਰਸ ਦੀ ਦੂਜੀ ਲਹਿਰ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਆਕਸੀਜਨ ਸੰਕਟ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਵੀ ਲਿਖਿਆ ਹੈ ਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦੇਣ ਲਈ ਉਪ ਰਾਜਪਾਲ ਅਨਿਲ ਬੈਜਲ ਨੂੰ ਨਿਰਦੇਸ਼ ਦੇਣ। ਕੇਂਦਰ ਤੇ ਅਦਾਲਤਾਂ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਜਾਣਨਾ ਚਾਹੁੰਦੀਆਂ ਹਨ ਪਰ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਮਰਨ ਵਾਲੇ ਲੋਕਾਂ ਦੀ ਸਹੀ ਗਿਣਤੀ ਦਾ ਪਤਾ ਲਗਾਉਣਾ ਸੰਭਵ ਨਹੀਂ ਹੈ। ਸਿਸੋਦੀਆ ਨੇ ਕਿਹਾ ਕਿ ਇਸ ਲਈ ਫਿਰ ਤੋਂ ਆਕਸੀਜਨ ਸੰਕਟ ਕਾਰਨ ਹੋਈਆਂ ਮੌਤਾਂ ਦੀ ਜਾਂਚ ਲਈ ਇੱਕ ਕਮੇਟੀ ਦੇ ਗਠਨ ਨਾਲ ਜੁੜੀ ਫਾਈਲ ਐਲਜੀ ਨੂੰ ਭੇਜੀ ਹੈ। ਉਮੀਦ ਹੈ ਕਿ ਛੇਤੀ ਹੀ ਇਜਾਜ਼ਤ ਮਿਲ ਜਾਵੇਗੀ। ਸਿਸੋਦੀਆ ਨੇ ਪਹਿਲਾਂ ਕਿਹਾ ਸੀ ਕਿ ਬੈਜਲ ਨੇ ਆਕਸੀਜਨ ਨਾਲ ਸਬੰਧਤ ਮੌਤਾਂ ਦੀ ਜਾਂਚ ਲਈ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ ਤੇ ਆਕਸੀਜਨ ਦੀ ਘਾਟ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਐਲਾਨ ਕੀਤਾ ਸੀ।