ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਮੁਖੀ ਦੇ ਪ੍ਰਸਾਰ ਲਈ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਬਣਾ ਕੇ ਹਰਦਿੱਤ ਸਿੰਘ ਗੋਬਿੰਦਪੁਰੀ ਨੂੰ ਚੇਅਰਮੈਨ, ਰਾਜਿੰਦਰ ਸਿੰਘ ਨੂੰ ਕਨਵੀਨਰ ਅਤੇ ਗੁਰਮੀਤ ਸਿੰਘ ਟਿੰਕੂ ਨੂੰ ਕੋ-ਕਨਵੀਨਰ ਥਾਪਿਆ ਹੈ। ਇਸ ਸਬੰਧੀ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪੰਥਕ ਏਜੰਡੇ ਨੂੰ ਮੁੱਖ ਰੱਖਦਿਆਂ ਗੁਰਮੁਖੀ ਦੇ ਪ੍ਰਚਾਰ-ਪ੍ਰਸਾਰ ਲਈ ਇਹ ਕਮੇਟੀ ਬਣਾਈ ਹੈ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਨੇ ਕਿਹਾ ਕਿ ਭਾਸ਼ਾ ਦਾ ਪ੍ਰਸਾਰ ਇਸ ਸਮੇਂ ਕੌਮ ਦੀ ਵੱਡੀ ਮੰਗ ਹੈ। ਦਿੱਲੀ ਕਮੇਟੀ ਦੇ ਸਕੂਲਾਂ ਕਾਲਜਾਂ ਦੇ ਚੇਅਰਮੈਨ ਵਿਕਰਮ ਸਿੰਘ ਰੋਹਿਣੀ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਅਦਾਰਿਆਂ ਵਿੱਚ ਭਾਸ਼ਾ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇਸ ਕਮੇਟੀ ਨੂੰ ਜ਼ਿੰਮੇਵਾਰੀ ਦਿੱਤੀ ਜਾਵੇਗੀ। ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਵੀ ਸਹਿਯੋਗ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਦਿੱਲੀ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਗੁਰਮੀਤ ਸਿੰਘ ਭਾਟੀਆ, ਔਂਕਾਰ ਸਿੰਘ ਰਾਜਾ, ਗੁਰਪ੍ਰੀਤ ਸਿੰਘ ਬਿੱਟੂ, ਸਤਨਾਮ ਸਿੰਘ ਅਤੇ ਜਤਿੰਦਰ ਸਿੰਘ ਸੇਠੀ ਮੌਜੂਦ ਸਨ। ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਚੇਅਰਮੈਨ ਹਰਦਿੱਤ ਸਿੰਘ ਗੋਬਿੰਦਪੁਰੀ ਅਤੇ ਰਾਜਿੰਦਰ ਸਿੰਘ ਵਿਰਾਸਤ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਹੈ ਉਸ ਦੀ ਬਖੂਬੀ ਪਾਲਣਾ ਕਰਨਗੇ।