‘ਚਾਰ ਇੰਜਣਾਂ ਵਾਲੀ ਸਰਕਾਰ ਅਮਨ-ਕਾਨੂੰਨ ਸਥਾਪਤ ਕਰਨ ’ਚ ਫੇਲ੍ਹ’
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਸ ਦੀ ਚਾਰ ਇੰਜਣਾਂ ਵਾਲੀ ਸਰਕਾਰ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਬਣਾਉਣ ਵਿੱਚ ਨਾਕਾਮ ਰਹੀ ਹੈ। ‘ਆਪ’ ਦੇ ਕੌਮੀ ਕਨਵੀਨਰ ਨੇ ਰਾਜਧਾਨੀ ਵਿੱਚ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਮਗਰੋਂ ਭਾਜਪਾ ’ਤੇ ਨਿਸ਼ਾਨੇ ਸੇਧੇ। ਉਧਰ, ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਜ ਦਵਾਰਕਾ ਦੇ ਦਿੱਲੀ ਪਬਲਿਕ ਸਕੂਲ (ਡੀਪੀਐੱਸ), ਮਾਡਰਨ ਕਾਨਵੈਂਟ ਸਕੂਲ ਅਤੇ ਸ੍ਰੀਰਾਮ ਵਰਲਡ ਸਕੂਲ ਨੂੰ ਧਮਕੀਆਂ ਮਿਲੀਆਂ ਹਨ। ਕੇਜਰੀਵਾਲ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ ਕਿ ਦਵਾਰਕਾ ਦੇ ਦਿੱਲੀ ਪਬਲਿਕ ਸਕੂਲ ਸਣੇ ਦਵਾਰਕ ਦੇ ਕਈ ਸਕੂਲਾਂ ਨੂੰ ਅੱਜ ਫੇਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ ਪਰ ਇਸ ਸਬੰਧੀ ਅੱਜ ਤੱਕ ਕੋਈ ਫੜਿਆ ਨਹੀਂ ਗਿਆ ਨਾ ਹੀ ਕੋਈ ਕਾਰਵਾਈ ਹੋਈ ਹੈ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਤੋਂ ਨਾ ਦਿੱਲੀ ਸੰਭਲ ਰਹੀ ਹੈ ਨਾ ਹੀ ਰਾਜਧਾਨੀ ਦੀ ਕਾਨੂੰਨ ਵਿਵਸਥਾ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਚਾਰ ਇੰਜਣਾਂ ਵਾਲੀ ਸਰਕਾਰ ਦਿੱਲੀ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ ਕਿ ਸਕੂਲਾਂ ਵਿੱਚ ਧਮਕੀਆਂ ਮਿਲਣ ਦਾ ਸਿਲਸਿਲਾ ਖ਼ਤਮ ਨਹੀਂ ਹੋ ਰਿਹਾ। ਫੇਰ ਤੋਂ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਆਖਰ ਕੀ ਕਰ ਰਹੀ ਹੈ। ਅਜਿਹੀਆਂ ਧਮਕੀਆਂ ਮਿਲਣ ਕਾਰਨ ਵਿਦਿਆਰਥੀਆਂ ਵਿੱਚ ਸਹਿਮ ਹੈ ਪਰ ਭਾਜਪਾ ਦੀ ਚਾਰ ਇੰਜਣਾਂ ਵਾਲੀ ਸਰਕਾਰ ਉਨ੍ਹਾਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਸਾਬਤ ਹੋਈ ਹੈ। ਆਮ ਆਦਮੀ ਪਾਰਟੀ ਦੇ ਆਗੂ ਚਾਰ ਇੰਜਣ ਸ਼ਬਦ ਦੀ ਵਰਤੋਂ ਇਸ ਸੰਦਰਭ ਵਿੱਚ ਕਰਦੇ ਹਨ ਕਿ ਕੇਂਦਰ ਸਰਕਾਰ, ਦਿੱਲੀ ਸਰਕਾਰ, ਨਗਰ ਨਿਗਮ (ਐੱਮਸੀਡੀ) ਅਤੇ ਉਪ ਰਾਜਪਾਲ ਦਾ ਦਫ਼ਤਰ ਅਤੇ ਇਨ੍ਹਾਂ ਚਾਰਾਂ ’ਤੇ ਭਾਜਪਾ ਦਾ ਕਬਜ਼ਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਝੂਠੇ ਵਾਅਦੇ ਕਰਕੇ ਲੋਕਾਂ ਤੋਂ ਵੋਟਾਂ ਲਈਆਂ ਹਨ ਪਰ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਆਤਿਸ਼ੀ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਹਰ ਵਰਗ ਦੇ ਲੋਕ ਦੁਖੀ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸੜਕਾਂ ’ਤੇ ਪਾਣੀ ਖੜ੍ਹਨ ਕਾਰਨ ਭਾਜਪਾ ਸਰਕਾਰ ਦੇ ਸਾਰੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।