ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਅਕਤੂਬਰ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਰਾਜਧਾਨੀ ਦਿੱਲੀ ਵਿੱਚ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਤੇ ਹੈਰਾਨੀ ਦੀ ਗੱਲ ਹੈ ਕਿ ਰਾਜਧਾਨੀ ਦਿੱਲੀ ਵਿੱਚ ਖਾਸ ਤੌਰ ’ਤੇ ਜਦੋਂ ਨਵਰਾਤਰੀ ਦਾ ਤਿਉਹਾਰ ਚੱਲ ਰਿਹਾ ਹੈ ਤਾਂ ਉੱਥੇ ਕੂੜੇ ਦੇ ਢੇਰ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਨਗਰ ਨਿਗਮ ਇਨ੍ਹਾਂ ਢੇਰਾਂ ਨੂੰ ਹਟਾਉਣ ਅਤੇ ਪੂਰੀ ਤਰ੍ਹਾਂ ਸਫ਼ਾਈ ਰੱਖਣ ਵਿੱਚ ਨਾਕਾਮ ਰਿਹਾ ਹੈ। ਅਨਿਲ ਕੁਮਾਰ ਨੇ ਕਿਹਾ ਕਿ ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਦਿੱਲੀ ਦੀ ਤਾਜ਼ਾ ਰਾਸ਼ਟਰੀ ਸਵੱਛਤਾ ਦਰਜਾਬੰਦੀ ਵਿੱਚ ਗਿਰਾਵਟ ਆਈ ਹੈ ਕਿਉਂਕਿ ਨਾ ਤਾਂ ਭਾਜਪਾ ਅਤੇ ਨਾ ਹੀ ਆਮ ਆਦਮੀ ਪਾਰਟੀ ਰਾਜਧਾਨੀ ਦਿੱਲੀ ਦੀ ਸਫ਼ਾਈ ਜਾਂ ਰੱਖ-ਰਖਾਅ ਦਾ ਧਿਆਨ ਰੱਖਦੇ ਹਨ ਕਿਉਂਕਿ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਵਾਂਗ ਸੰਸਦ ਮੈਂਬਰ, ਵਿਧਾਇਕ ਅਤੇ ਸਾਬਕਾ ਕੌਂਸਲਰ ਧਿਆਨ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਰਾਜਧਾਨੀ ਦਿੱਲੀ ਵਿੱਚ ਕੂੜੇ ਦੇ ਢੇਰਾਂ ਅਤੇ ਖੜ੍ਹੇ ਪਾਣੀ ਕਾਰਨ ਮੱਛਰਾਂ ਦੀ ਲਾਗ ਦਾ ਖ਼ਤਰਾ ਹੋਰ ਵੀ ਖ਼ਤਰਨਾਕ ਹੋ ਗਿਆ ਹੈ, ਜਿਸ ਕਾਰਨ ਹਾਲ ਹੀ ਦੇ ਹਫ਼ਤਿਆਂ ਵਿੱਚ ਡੇਂਗੂ ਅਤੇ ਮਲੇਰੀਆ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਦੀ ਸਫ਼ਾਈ ਨੂੰ ਯਕੀਨੀ ਬਣਾਉਣ ’ਤੇ ਧਿਆਨ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਦੀਆਂ ਤਿੰਨ ਨਗਰ ਨਿਗਮਾਂ ਦਾ ਰਲੇਵਾਂ ਹੋਇਆ ਸੀ ਤਾਂ ਭਾਜਪਾ ਨੇ ਝੂਠਾ ਦਾਅਵਾ ਕੀਤਾ ਸੀ ਕਿ ਮੋਦੀ ਸਰਕਾਰ ਦਿੱਲੀ ਨਗਰ ਨਿਗਮ ਨੂੰ ਉਸ ਦੀਆਂ ਸਾਰੀਆਂ ਵਿੱਤੀ ਸਮੱਸਿਆਵਾਂ ਹੱਲ ਕਰਨ ਲਈ ਵਿੱਤੀ ਸਹਾਇਤਾ ਦੇਵੇਗੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਭਾਜਪਾ ਤੇ ਕੇਜਰੀਵਾਲ ਦੋਵੇਂ ਹੀ ਸਮੱਸਿਆਵਾਂ ਤੋਂ ਨਿਜਾਤ ਪਾਉਣ ਦੀ ਬਜਾਏ ਆਪਣੇ ਫਰਜ਼ਾਂ ਤੋਂ ਖਹਿੜਾ ਛੁਡਾ ਕੇ ਸਿਆਸੀ ਲਾਹੇ ਲਈ ਇਕ-ਦੂਜੇ ’ਤੇ ਇਲਜ਼ਾਮ ਤੇ ਜਵਾਬੀ ਦੋਸ਼ਾਂ ਦੀ ਰਾਜਨੀਤੀ ਕਰਦੇ ਰਹੇ ਹਨ।