ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਤਕਾ ਮੁਕਾਬਲਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਅਤੇ ਦਿੱਲੀ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਅਮਰ ਗੁਰਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਨੌਂਵਾਂ ਜੂਨੀਅਰ ਅਤੇ ਸਬ-ਜੂਨੀਅਰ ਕੌਮੀ ਗੱਤਕਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਇਹ ਮੁਕਾਬਲਾ 10 ਤੋਂ 12 ਅਕਤੂਬਰ ਤੱਕ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਦਿੱਲੀ ਯੂਨੀਵਰਸਿਟੀ (ਨਾਰਥ ਕੈਂਪਸ) ਵਿੱਚ ਹੋਵੇਗਾ। ਕਾਲਕਾ ਨੇ ਕਿਹਾ ਕਿ ਇਹ ਗੱਤਕਾ ਮੁਕਾਬਲਾ ਨੌਜਵਾਨ ਪੀੜ੍ਹੀ ਨੂੰ ਆਪਣੇ ਗੁਰੂ ਸਾਹਿਬਾਨ ਦੀ ਸ਼ਹੀਦੀ ਅਤੇ ਸਿੱਖ ਮਰਯਾਦਾ ਨਾਲ ਜੋੜਨ ਦਾ ਸ਼ਾਨਦਾਰ ਮੌਕਾ ਦੇਵੇਗਾ। ਉਨ੍ਹਾਂ ਕਿਹਾ ਕਿ ਗੱਤਕਾ ਨਾ ਸਿਰਫ਼ ਸਿੱਖ ਧਰਮ ਦੀ ਮਾਰਸ਼ਲ ਆਰਟ ਹੈ, ਸਗੋਂ ਇਹ ਅਨੁਸ਼ਾਸਨ ਅਤੇ ਆਤਮਿਕ ਸ਼ਕਤੀ ਦਾ ਪ੍ਰਤੀਕ ਵੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੱਤਕਾ ਨਵੀਂ ਪੀੜ੍ਹੀ ਨੂੰ ਆਪਣੀ ਧਾਰਮਿਕ ਜੜ੍ਹਾਂ ਨਾਲ ਜੋੜਨ ਦਾ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਿਆ ਹੈ। ਇਸ ਰਾਹੀਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਕੌਮੀ ਸ਼ਾਨ ਦਾ ਜਜ਼ਬਾ ਪੈਦਾ ਹੁੰਦਾ ਹੈ। ਇਸ ਤਰ੍ਹਾਂ, ਗੱਤਕਾ ਸਿੱਖ ਧਰਮ ਦੀ ਜੀਵੰਤ ਵਿਰਾਸਤ ਹੈ, ਜੋ ਸਾਨੂੰ ਗੁਰਬਾਣੀ, ਸ਼ੌਹਰਤ ਅਤੇ ਆਤਮ ਬਲ ਦੀ ਅਖੰਡ ਜੋਤ ਨਾਲ ਜੋੜਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਤਕਾ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।