ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਅਤੇ ਹਰਮੀਤ ਸਿੰਘ ਕਾਲਕਾ ਦੇ ਸਲਾਹਕਾਰ ਸੁਖਵਿੰਦਰ ਸਿੰਘ ਬੱਬਰ ਨੇ ‘ਵੱਡੇ ਆਗੂਆਂ’ ਦੇ ਜਾਗੋ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਕਿਹਾ ਹੈ ਕਿ ਜੀ. ਕੇ. ਵੱਲੋਂ ਆਪਣੇ ਹੀ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਥੇ ਬੱਬਰ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਜੀ. ਕੇ. ਵੱਲੋਂ ਮੀਡੀਆ ਵਿੱਚ ਇਹ ਸੰਦੇਸ਼ ਲਗਵਾਏ ਜਾ ਰਹੇ ਸਨ ਕਿ ਅਕਾਲੀ ਦਲ ਦੇ ‘ਵੱਡੇ ਆਗੂ’ ਜਾਗੋ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜਦਕਿ ਅਸਲੀਅਤ ਇਹ ਹੈ ਕਿ ਜੋ ਆਗੂ ਦਿਨ ਰਾਤ ਜੀ. ਕੇ. ਦੇ ਨਾਲ ਰਹਿੰਦੇ ਹਨ, ਉਨ੍ਹਾਂ ਦੇ ਹੀ ਜਾਗੋ ਪਾਰਟੀ ਵਿੱਚ ਸ਼ਾਮਲ ਹੋਣ ਦੇ ਐਲਾਨ ਕੀਤੇ ਜਾ ਰਹੇ ਹਨ। ਬੱਬਰ ਨੇ ਦੱਸਿਆ ਕਿ ਜਸਵੰਤ ਸਿੰਘ ਬਿੱਟੂ ਨੇ 2017 ਵਿਚ ਅਕਾਲੀ ਦਲ ਦੀ ਟਿਕਟ ‘ਤੇ ਚੋਣਾਂ ਜ਼ਰੂਰ ਲੜੀਆਂ ਸਨ ਪਰ ਚੋਣਾਂ ਤੋਂ ਬਾਅਦ ਕਦੇ ਵੀ ਇਕ ਵਾਰ ਪਾਰਟੀ ਦੇ ਦਫਤਰ ਵਿਚ ਨਹੀਂ ਅਇਆ। ਹਮੇਸ਼ਾ ਜੀਕੇ ਦਾ ਸਾਥੀ ਰਿਹਾ ਹੈ ਅਤੇ ਇਸੇ ਤਰ੍ਹਾਂ ਤਰਵਿੰਦਰ ਕੌਰ ਦੇ ਜਾਗੋ ਪਾਰਟੀ ਵਿੱਚ ਸ਼ਾਮਲ ਹੋਣ ਦੇ ਦਾਅਵੇ ਜੀਕੇ ਵੱਲੋਂ ਕੀਤੇ ਗਏ ਹਨ ਜਦਕਿ ਅਸਲੀਅਤ ਇਹ ਹੈ ਕਿ ਉਹ ਪਹਿਲਾਂ ਹੀ ਜੀਕੇ ਦੇ ਪੱਕੇ ਸਾਥੀ ਹਨ।
ਉਨ੍ਹਾਂ ਕਿਹਾ ਕਿ ਜੀ. ਕੇ. ਵੱਲੋਂ ਮੀਡੀਆ ਸਮੇਤ ਆਮ ਲੋਕਾਂ ਨੂੰ ਗੁਮਰਾਹ ਕਰਨ ਵਾਸਤੇ ਇਸ ਤਰੀਕੇ ਦੇ ਸੰਦੇਸ਼ ਦਿੱਤੇ ਜਾ ਰਹੇ ਹਨ ਤਾਂ ਕਿ ਇਹ ਪ੍ਰਭਾਵ ਦਿੱਤਾ ਜਾ ਸਕੇ ਕਿ ਉਨ੍ਹਾਂ ਦੀ ਪਾਰਟੀ ਵਿੱਚ ਵੱਡੇ ਆਗੂ ਸ਼ਾਮਲ ਹੋ ਰਹੇ ਹਨ। ਬੱਬਰ ਨੇ ਕਿਹਾ ਕਿ ਦਿੱਲੀ ਕਮੇਟੀ ਵੱਲੋਂ ਕੀਤੀ ਸੇਵਾ ਕਰਕੇ ਅੱਜ ਸੰਸਾਰ ਭਰ ਵਿੱਚ ਸਿੱਖਾਂ ਦੀ ਤਾਰੀਫ ਹੋ ਰਹੀ ਹੈ ਪਰ ਵਿਰੋਧੀ ਪਾਰਟੀਆਂ ਤੋਂ ਬਰਦਾਸ਼ਤ ਨਹੀਂ ਹੋ ਰਿਹਾ। ਇਸ ਕਰ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।