ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਫਰਵਰੀ
ਦੱਖਣੀ-ਪੱਛਮੀ ਦਿੱਲੀ ਦੇ ਵਸੰਤ ਕੁੰਜ ਇਲਾਕੇ ਵਿੱਚ ਇੱਕ 16 ਸਾਲਾ ਮਾਨਸਿਕ ਤੌਰ ’ਤੇ ਕਮਜ਼ੋਰ ਲੜਕੀ ਨਾਲ ਇੱਕ ਸੁਰੱਖਿਆ ਗਾਰਡ ਵੱਲੋਂ ਜਬਰ-ਜਨਾਹ ਕੀਤਾ ਗਿਆ। ਇਸ ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਲੜਕੀ ਗਰਭਵਤੀ ਹੋ ਗਈ। ਪੁਲੀਸ ਨੇ ਦੱਸਿਆ ਕਿ ਫੋਸਟਰ ਕੇਅਰ ਸੈਂਟਰ ਗਾਰਡਨ ਕੇਅਰ ਦੇ ਸੀਨੀਅਰ ਮੈਨੇਜਰ ਨੇ ਸੋਮਵਾਰ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਦੋਸ਼ ਲਾਇਆ ਗਿਆ ਸੀ ਕਿ ਸੈਂਟਰ ਵਿੱਚ ਰਹਿਣ ਵਾਲੀ ਇਕ ਲੜਕੀ ਨੇ ਪੇਟ ’ਚ ਦਰਦ ਦੀ ਸ਼ਿਕਾਇਤ ਕੀਤੀ ਸੀ। ਪੁਲੀਸ ਦੇ ਡਿਪਟੀ ਕਮਿਸ਼ਨਰ (ਦੱਖਣੀ ਪੱਛਮੀ) ਗੌਰਵ ਸ਼ਰਮਾ ਨੇ ਦੱਸਿਆ ਕਿ ਉਸ ਨੂੰ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਕਿਹਾ ਕਿ ਲੜਕੀ ਗਰਭਵਤੀ ਹੈ। ਪੁਲੀਸ ਨੇ ਦੱਸਿਆ ਕਿ ਮੈਨੇਜਰ ਮੁਤਾਬਕ ਲੜਕੀ ਨੇ ਦੋਸ਼ ਲਾਇਆ ਕਿ ਕੇਅਰ ਸੈਂਟਰ ਦੇ ਸੁਰੱਖਿਆ ਗਾਰਡ ਨੇ ਉਸ ਨਾਲ ਜਬਰ-ਜਨਾਹ ਕੀਤਾ। ਡੀਸੀਪੀ ਨੇ ਦੱਸਿਆ ਕਿ ਇਸ ਤੋਂ ਬਾਅਦ ਵਸੰਤ ਕੁੰਜ ਦੱਖਣ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ ਅਤੇ ਕਥਿਤ ਦੋਸ਼ੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਬੱਚੀ ਨਾਲ ਜਬਰ-ਜਨਾਹ, ਕੇਸ ਦਰਜ
ਯਮੁਨਾਨਗਰ: ਸਦਰ ਥਾਣਾ ਦੇ ਖੇਤਰ ਦੇ ਇੱਕ ਪਿੰਡ ਵਿੱਚ ਇੱਕ ਵਿਅਕਤੀ ਨੇ ਘਰ ਦੇ ਬਾਹਰ ਖੇਡ ਰਹੀ ਤਿੰਨ ਸਾਲਾ ਬਾਲੜੀ ਨੂੰ ਸੁੰਨਸਾਨ ਥਾਂ ’ਤੇ ਲਿਜਾ ਕੇ ਜਬਰ-ਜਨਾਹ ਕੀਤਾ ਅਤੇ ਘਰ ਦੇ ਬਾਹਰ ਛੱਡ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਬੱਚੀ ਦੇ ਪਿਤਾ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮ ਖਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ