ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 18 ਸਤੰਬਰ
ਕੋਵਿਡ-19 ਨਿਯਮਾਂ ਦੀ ਕਥਿਤ ਉਲੰਘਣਾ ਕਾਰਨ ਦਿੱਲੀ ਦੇ ਮਸ਼ਹੂਰ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 16 ਸਤੰਬਰ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਾਰਜਕਾਰੀ ਮੈਜਿਸਟਰੇਟ (ਚਾਣਕਿਆਪੁਰੀ) ਵੱਲੋਂ ਦਾਇਰ ਕੀਤੀ ਗਈ ਰਿਪੋਰਟ ਵਿੱਚ ਪਾਇਆ ਗਿਆ ਕਿ ਬੰਗਲਾ ਸਾਹਿਬ ਗੁਰਦੁਆਰੇ ਦੇ ਪ੍ਰਬੰਧਕਾਂ ਨੇ ਦਿੱਲੀ ਆਫ਼ਤ ਪ੍ਰਬੰਧਨ ਅਥਾਰਿਟੀ (ਡੀਡੀਐੱਮਏ) ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦਿਆਂ ਗੁਰਦੁਆਰੇ ਦੇ ਅੰਦਰ ਲੋਕਾਂ ਨੂੰ ਜਾਣ ਅਤੇ ਅਰਦਾਸ ਕਰਨ ਦੀ ਇਜਾਜ਼ਤ ਦਿੱਤੀ। ਚਾਣਿਕਆਪੁਰੀ ਦੇ ਐੱਸਡੀਐੱਮ ਨੇ ਪ੍ਰਬੰਧਕਾਂ ਨੂੰ ਤੁਰੰਤ ਪ੍ਰਭਾਵ ਨਾਲ ਗੁਰਦੁਆਰਾ ਸ਼ਰਧਾਲੂਆਂ ਲਈ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਪਣੇ ਪਹਿਲੇ ਦਿਸ਼ਾ-ਨਿਰਦੇਸ਼ਾਂ ਵਿੱਚ ਡੀਡੀਐੱਮਏ ਨੇ ਧਾਰਮਿਕ ਸਥਾਨਾਂ ਨੂੰ ਦੁਬਾਰਾ ਖੋਲ੍ਹਣ ਦੀ ਆਗਿਆ ਦਿੱਤੀ ਸੀ। ਐੱਸਡੀਐੱਮ ਦੇ ਆਦੇਸ਼ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੁਕਮ ਰੱਦ ਕਰਨ ਤੇ ਜ਼ਿਲ੍ਹਾ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ। ਸਿਰਸਾ ਨੇ ਟਵੀਟ ਕੀਤਾ, ‘‘ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਅਸੀਂ ਦਿੱਲੀ ਸਰਕਾਰ ਦੀ ਇਸ ਬਿਮਾਰ ਮਾਨਸਿਕਤਾ ਦੀ ਨਿੰਦਾ ਕਰਦੇ ਹਾਂ ਅਤੇ ਅਰਵਿੰਦ ਕੇਜਰੀਵਾਲ ਤੋਂ ਮੰਗ ਕਰਦੇ ਹਾਂ ਕਿ ਸਬੰਧਤ ਡੀਸੀ ਅਤੇ ਐੱਸਡੀਐੱਮ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।’’ ਉਨ੍ਹਾਂ ਕਿਹਾ ਕਿ ਉਸ ਗੁਰਦੁਆਰੇ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਨੇ ਕਰੋਨਾ ਦੀ ਦੂਜੀ ਲਹਿਰ ਅਤੇ ਤਾਲਾਬੰਦੀ ਦੌਰਾਨ ਲੰਗਰ ਦਾ ਪ੍ਰਬੰਧ ਕਰਕੇ ਮਰੀਜ਼ਾਂ ਅਤੇ ਲੋਕਾਂ ਦੀ ਸਹਾਇਤਾ ਕੀਤੀ ਸੀ।