ਪੱਤਰ ਪ੍ਰੇਰਕ
ਦਿੱਲੀ, 16 ਫਰਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ 645ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੁੱਖ ਸਮਾਗਮ ਕਰਵਾਏ ਗਏ, ਜਿਸ ਵਿਚ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਪੁੱਜ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਭਗਤ ਰਵਿਦਾਸ ਨੇ ਆਪਣਾ ਜੀਵਨ ਸਮਾਜ ਨੂੰ ਇਕਜੁੱਟ ਰੱਖਣ ਤੇ ਸਮਾਜ ਤੋਂ ਜਾਤੀਵਾਦ ਤੇ ਛੂਤ-ਛਾਤ ਵਰਗੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਮਰਪਿਤ ਕਰ ਦਿੱਤਾ। ਭਗਤ ਰਵਿਦਾਸ ਭਾਰਤ ’ਚ ਭਗਤ ਅੰਦੋਲਨ ਤੇ ਮੋਢੀ ਸੰਤਾਂ ਵਿਚੋਂ ਇੱਕ ਸਨ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਗਤ ਰਵਿਦਾਸ ਦੇ 16 ਰਾਗਾਂ ਵਿਚ ਰਚਿਤ 40 ਸਲੋਕ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। ਹਰ ਸਿੱਖ ਰੋਜ਼ਾਨਾ ਭਗਤ ਰਵਿਦਾਸ ਦੀ ਬਾਣੀ ਦੇ ਦਰਸ਼ਨ ਕਰ ਉਸ ਨੂੰ ਮੱਥਾ ਟੇਕਦਾ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਕਨਵੀਨਰ ਜਸਪ੍ਰੀਤ ਸਿੰਘ ਕਰਮਸਰ ਨੇ ਹਾਜ਼ਰੀ ਭਰੀ ਅਤੇ ਭਗਤ ਰਵਿਦਾਸ ਵੱਲੋਂ ਸਮਾਜ ਨੂੰ ਦਿੱਤੀਆਂ ਵਿਸ਼ੇਸ਼ ਸਿੱਖਿਆਵਾਂ ਨੂੰ ਯਾਦ ਕੀਤਾ।
ਯਮੁਨਾਨਗਰ (ਪੱਤਰ ਪ੍ਰੇਰਕ): ਗੁਰੂ ਰਵਿਦਾਸ ਜੀ ਦੀ 645ਵੀਂ ਜੈਅੰਤੀ ਦੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਹਰਿਆਣਾ ਅਨੁਸੂਚਿਤ ਜਾਤੀ ਅਤੇ ਪੱਛੜਾ ਵਰਗ ਕਲਿਆਣ ਵਿਭਾਗ ਵੱਲੋਂ ਗੁਰੂ ਰਵਿਦਾਸ ਮੰਦਰ ਵਿੱਚ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਸ਼ਿਰਕਤ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਸਮਾਜ ਵਿੱਚੋਂ ਜਾਤਪਾਤ ਦਾ ਭੇਦਭਾਅ ਮਿਟਾਉਣ ਦਾ ਸੰਦੇਸ਼ ਦਿੱਤਾ।
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਜੈਅੰਤੀ ਦਰਜਨਾਂ ਪਿੰਡਾਂ ਵਿੱਚ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਗਈ। ਸਾਰੇ ਪਿੰਡਾਂ ਵਿਚ ਪਿਛਲੇ ਦਿਨਾਂ ਤੋਂ ਪ੍ਰਭਾਤ ਫੇਰੀਆਾਂ ਕੱਢੀਆਂ ਜਾ ਰਹੀਆਂ ਸਨ।