ਗੁਰੂ ਨਾਨਕ ਸਕੂਲ ’ਚ ਗੁਰਪੁਰਬ ਮਨਾਇਆ
ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਅਧੀਨ ਚੱਲ ਰਹੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਨੇ ਕੀਰਤਨ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ, ਮੈਨੇਜਰ ਮਨਜੀਤ ਸਿੰਘ ਖੰਨਾ, ਸਕੂਲ ਦੇ ਚੇਅਰਮੈਨ ਬਲਦੀਪ ਸਿੰਘ ਰਾਜਾ, ਮੈਨੇਜਰ ਜਗਜੀਤ ਸਿੰਘ ਅਤੇ ਪ੍ਰਿੰਸੀਪਲ ਮਨਪ੍ਰੀਤ ਕੌਰ ਵੱਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਬੱਚਿਆਂ ਵੱਲੋਂ ਅਰਦਾਸ ਵੀ ਕੀਤੀ ਗਈ ਅਤੇ ਸਮਾਪਤੀ ’ਤੇ ਲੰਗਰ ਦੀ ਸੇਵਾ ਵੀ ਬੱਚਿਆਂ ਨੇ ਹੀ ਕੀਤੀ। ਹਰਮਨਜੀਤ ਸਿੰਘ, ਬਲਦੀਪ ਸਿੰਘ ਰਾਜਾ ਅਤੇ ਜਗਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਗੁਰਸਿੱਖੀ ਮੂਲਾਂ ਵਾਲੇ ਸਕੂਲਾਂ ਵਿੱਚ ਪੜ੍ਹਾਉਣ ਦਾ ਇਹੀ ਲਾਭ ਹੁੰਦਾ ਹੈ ਕਿ ਉਹ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਬਾਰੇ ਗਿਆਨ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਨਿੱਕੇ ਬੱਚਿਆਂ ਵੱਲੋਂ ਜਿਵੇਂ ਗੁਰਬਾਣੀ ਕੀਰਤਨ ਕੀਤਾ ਗਿਆ, ਖ਼ਾਸ ਤੌਰ ’ਤੇ ਰਾਗਾਂ ਅਨੁਸਾਰ ਕੀਰਤਨ ਕਾਬਿਲ-ਏ-ਤਾਰੀਫ਼ ਹੈ। ਇਸ ਲਈ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਦੋਹਾਂ ਦੀ ਪ੍ਰਸ਼ੰਸਾ ਬਣਦੀ ਹੈ ਜਿਨ੍ਹਾਂ ਨੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰਸਿੱਖੀ ਨਾਲ ਜੋੜਿਆ। ਇਸ ਦੌਰਾਨ ਬੱਚਿਆਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਆ ਕੀਤਾ। ਸਮਾਗਮ ਵਿੱਚ ਉਨ੍ਹਾਂ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ।'
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਰਤੀਆ (ਪੱਤਰ ਪ੍ਰੇਰਕ): ਇੱਥੋਂ ਦੇ ਪੁਰਾਣਾ ਬਾਜ਼ਾਰ ਵਿਚਲੇ ਗੁਰਦੁਆਰੇ ਵਿੱਚ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਭਾਈ ਲਖਵੀਰ ਸਿੰਘ ਮਸਤ ਦੀ ਅਗਵਾਈ ਵਿੱਚ ਪਾਏ ਗਏ। ਉਨ੍ਹਾਂ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖ ਇਤਿਹਾਸ ਦੇ ਗੌਰਵਮਈ ਪੰਨਿਆਂ ਤੋਂ ਜਾਣੂ ਕਰਵਾਇਆ। ਗੁਰਦੁਆਰਾ ਕਮੇਟੀ ਦੇ ਮੈਨੇਜਰ ਵਰਿੰਦਰ ਸਿੰਘ ਮੰਡਵੀ ਨੇ ਦੱਸਿਆ ਕਿ ਭੋਗ ਤੋਂ ਬਾਅਦ ਵਿਸ਼ੇਸ਼ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿੱਚ ਵੱਖ-ਵੱਖ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਗੁਰੂ ਸਾਹਿਬ ਦੇ ਇਤਿਹਾਸ ’ਤੇ ਚਾਨਣਾ ਪਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਪ੍ਰਸ਼ਾਦਾ ਛਕਿਆ। ਇਸ ਧਾਰਮਿਕ ਸਮਾਗਮ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਾਕਾ ਸਿੰਘ ਲੱਧੂਵਾਸ, ਇਕਬਾਲ ਸਿੰਘ, ਬਾਬਾ ਕਿਸ਼ਨ ਸਿੰਘ ਅਤੇ ਅੰਗਰੇਜ਼ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਸੰਗਤ ਅਤੇ ਸੇਵਾਦਾਰ ਵੀ ਮੌਜੂਦ ਸਨ।
