ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਮਈ
ਪੁਲੀਸ ਨੇ ਵੀਰਵਾਰ ਨੂੰ ਕਿਹਾ ਕਿ ਪੂਰਬੀ ਦਿੱਲੀ ਮਿਉਂਸਪਲ ਕਾਰਪੋਰੇਸ਼ਨ ਸਕੂਲ ਦੇ ਇੱਕ ਕਲਾਸਰੂਮ ਵਿੱਚ ਦੋ ਲੜਕੀਆਂ ਨਾਲ ਕਥਿਤ ਤੌਰ ‘ਤੇ ਛੇੜਛਾੜ ਕਰਨ ਦੇ ਸ਼ੱਕ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਪੂਰਬੀ ਦਿੱਲੀ ਵਿੱਚ ਇੱਕ ਵਿਅਕਤੀ ਨੇ ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਸਕੂਲ ਦੇ ਇੱਕ ਕਲਾਸ ਰੂਮ ਵਿੱਚ 30 ਅਪਰੈਲ ਨੂੰ ਕਥਿਤ ਤੌਰ ’ਤੇ ਦਾਖਲ ਹੋ ਕੇ ਦੋ ਅੱਠ ਸਾਲ ਦੀਆਂ ਬੱਚੀਆਂ ਦਾ ਜਿਨਸੀ ਸ਼ੋਸ਼ਣ ਕਰਨ ਤੋਂ ਪਹਿਲਾਂ ਆਪਣੇ ਕੱਪੜੇ ਉਤਾਰੇ ਤੇ ਵਿਦਿਆਰਥੀਆਂ ਦੇ ਸਾਹਮਣੇ ਪਿਸ਼ਾਬ ਕਰ ਦਿੱਤਾ। ਪੁਲੀਸ ਨੇ ਮੁਲਜ਼ਮ ਦਾ ਸਕੈਚ ਬਣਾ ਕੇ ਆਸ-ਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਸੀਸੀਟੀਵੀ ਕੈਮਰੇ ਨਹੀਂ ਲੱਗੇ ਹਨ। ਇਸ ਤੋਂ ਪਹਿਲਾਂ ਸਕੈਚ ਦੇ ਆਧਾਰ ‘ਤੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਮਗਰੋਂ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਸੀ। ਹੁਣ ਪੁਲੀਸ ਨੇ ਇਕ ਹੋਰ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ ਜੋ ਸਕੈਚ ਵਿਚਲੇ ਆਦਮੀ ਨਾਲ ਮਿਲਦਾ-ਜੁਲਦਾ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕਿਹਾ ਸੀ ਕਿ ਦਿੱਲੀ ਪੁਲੀਸ ਨੂੰ ਰਿਪੋਰਟ ਨਾ ਦੇਣ ਤੇ ਇਸ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਲਈ ਪੋਕਸੋ ਐਕਟ ਦੇ ਤਹਿਤ ਸਕੂਲ ਦੇ ਪ੍ਰਿੰਸੀਪਲ ਤੇ ਕਲਾਸ ਟੀਚਰ ਦੇ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੁਲੀਸ ਨੇ ਕਿਹਾ ਕਿ ਸਕੂਲ ਦੇ ਪ੍ਰਵੇਸ਼ ਦੁਆਰ ਤੇ ਇਮਾਰਤ ’ਤੇ ਕੋਈ ਸੀਸੀਟੀਵੀ ਕੈਮਰਾ ਨਹੀਂ ਲਗਾਇਆ ਗਿਆ । ਇੱਕ ਵਿਦਿਆਰਥੀ ਦੇ ਮਾਤਾ-ਪਿਤਾ ਜਿਸ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ‘ਜੇਕਰ ਇਸ ਤਰ੍ਹਾਂ ਦੀ ਘਟਨਾ ਇੱਥੇ ਵਾਪਰੀ ਹੈ ਤਾਂ ਇਹ ਬਹੁਤ ਗੰਭੀਰ ਮਾਮਲਾ ਹੈ। ਇਸ ਘਟਨਾ ਤੋਂ ਬਾਅਦ ਅਸੀਂ ਆਪਣੇ ਬੱਚਿਆਂ ਬਾਰੇ ਵੀ ਚਿੰਤਤ ਹਾਂ।’