ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਖਿਲ ਭਾਰਤੀ ਸਿੱਖ ਸਿਕਲੀਗਰ ਸਮਾਜ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪੁੱਜੀ ਸੰਗਤਾਂ ਨੂੰ ਸੰਬੋਧਨ ਕਰਦਿਆਂ ਮਾਂ ਬੋਲੀ ਪੰਜਾਬੀ, ਗੁਰਸਿੱਖੀ ਜੀਵਨ, ਏਕਤਾ ਅਤੇ ਹੁਨਰ ਆਧਾਰਿਤ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਗਈ ਵਿਰਾਸਤ, ਭਾਸ਼ਾ, ਸਿਧਾਂਤਾਂ ਅਤੇ ਸ਼ਸਤਰ ਵਿਦਿਆ ਅਪਣਾਉਣੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖ ਕੌਮ ਨੂੰ ਵੰਡਣ ਅਤੇ ਕਮਜ਼ੋਰ ਕਰਨ ਦੇ ਯਤਨ ਕੀਤੇ ਗਏ, ਇਸ ਲਈ ਹੁਣ ਸਾਰੇ ਸਿੱਖਾਂ ਨੂੰ ਇੱਕ ਨਿਸ਼ਾਨ ਸਾਹਿਬ ਹੇਠ ਇਕੱਠੇ ਹੋ ਕੇ ਆਪਣੀ ਤਾਕਤ ਮਜ਼ਬੂਤ ਕਰਨੀ ਚਾਹੀਦੀ ਹੈ। ਉਨ੍ਹਾਂ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਪੰਜਾਬ ਸਮੇਤ 15 ਰਾਜਾਂ ਤੋਂ ਸਿਕਲੀਗਰ ਸਮਾਜ ਦੇ ਪ੍ਰਤੀਨਿਧਾਂ ਦੇ ਇੱਕ ਮੰਚ ’ਤੇ ਇਕੱਠੇ ਹੋਣ ਨੂੰ ਇਤਿਹਾਸਕ ਦੱਸਿਆ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਅੰਮ੍ਰਿਤਧਾਰੀ ਬਣਾਉਣ ਦੇ ਨਾਲ-ਨਾਲ ਆਧੁਨਿਕ ਤਕਨਾਲੋਜੀ ਅਤੇ ਹੁਨਰਾਂ ਨਾਲ ਜੋੜਿਆ ਜਾਵੇ, ਕਿਉਂਕਿ ਤਕਨੀਕੀ ਸਿੱਖਿਆ ਹੀ ਰੁਜ਼ਗਾਰ ਦੇ ਮੌਕੇ ਦੇ ਸਕਦੀ ਹੈ। ਦਿੱਲੀ ਕਮੇਟੀ ਸਿੱਖ ਉਦਯੋਗਪਤੀਆਂ ਨਾਲ ਮਿਲ ਕੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕਰੇਗੀ। ਮਾਂ ਬੋਲੀ ਪੰਜਾਬੀ ਦੀ ਮਹੱਤਤਾ ਬਾਰੇ ਉਨ੍ਹਾਂ ਸੰਗਤ ਨੂੰ ਘਰਾਂ ਵਿੱਚ ਪੰਜਾਬੀ ਬੋਲਮਈ ਯਕੀਨੀ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਭਰੋਸਾ ਦਿੱਤਾ ਕਿ ਸਿਕਲੀਗਰ ਸਮਾਜ ਦੇ ਮੁੱਦੇ ਸਬੰਧਤ ਰਾਜ ਸਰਕਾਰਾਂ ਕੋਲ ਗੰਭੀਰਤਾ ਨਾਲ ਉਠਾਏ ਜਾਣਗੇ ਅਤੇ ਐੱਨ ਸੀ ਆਰ ਖੇਤਰਾਂ ’ਚ ਸਿੱਖੀ ਦੇ ਪ੍ਰਚਾਰ ਲਈ ਜਲਦ ਪ੍ਰਚਾਰਕ ਟੀਮਾਂ ਭੇਜੀਆਂ ਜਾਣਗੀਆਂ।

