ਹਸੀਨਾ ਦੀ ਹਵਾਲਗੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ: ਭਾਰਤ
ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਉਹ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਸ ਲਈ ਬੰਗਲਾਦੇਸ਼ ਨੇ ਭਾਰਤ ਨੂੰ ਪੱਤਰ ਲਿਖ ਕੇ ਹਵਾਲਗੀ ਦੀ ਮੰਗ ਕੀਤੀ ਸੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਅੱਜ ਕਿਹਾ ਕਿ ਬੰਗਲਾਦੇਸ਼ ਵਲੋਂ ਇਹ ਅਪੀਲ ਪਹਿਲੀ ਵਾਰ ਦਸੰਬਰ ਵਿੱਚ ਕੀਤੀ ਗਈ ਸੀ ਅਤੇ ਇਸ ਮਹੀਨੇ ਦੁਹਰਾਈ ਗਈ ਹੈ। ਜ਼ਿਕਰਯੋਗ ਹੈ ਕਿ ਸ਼ੇਖ ਹਸੀਨਾ ਨੂੰ ਪਿਛਲੇ ਸਾਲ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਦੀ ਹੱਤਿਆ ਵਿੱਚ ਉਸ ਦੀ ਭੂਮਿਕਾ ਲਈ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਇਸ ਸਬੰਧੀ ਕਾਨੂੰਨੀ ਪ੍ਰਕਿਰਿਆਵਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਾ ਬਣਦਾ ਹੈ ਕਿ ਸ਼ੇਖ ਹਸੀਨਾ ਅਗਸਤ 2024 ਵਿੱਚ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਭਾਰਤ ਆ ਗਏ ਸਨ। ਜ਼ਿਕਰਯੋਗ ਹੈ ਕਿ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਕੌਮੀ ਅਪਰਾਧ ਟ੍ਰਿਬਿਊਨਲ ਨੇ ਹਸੀਨਾ ਅਤੇ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਕਮਾਲ ਨੂੰ ਪਿਛਲੇ ਸਾਲ ਜੁਲਾਈ-ਅਗਸਤ ਵਿੱਚ ਹੋਈ ਅਸ਼ਾਂਤੀ ਦੌਰਾਨ ਮਨੁੱਖਤਾ ਵਿਰੁੱਧ ਅਪਰਾਧਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਵਾਅਦਾ ਮੁਆਫ਼ ਗਵਾਹ ਬਣੇ ਸਾਬਕਾ ਪੁਲੀਸ ਮੁਖੀ ਚੌਧਰੀ ਅਬਦੁੱਲਾ ਅਲ-ਮਾਮੂਨ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਇਸ ਫੈਸਲੇ ਮਗਰੋਂ ਢਾਕਾ ਨੇ ਭਾਰਤ ਨੂੰ ਅਪੀਲ ਕੀਤੀ ਕਿ ਉਹ ਦੋਵਾਂ ਮੁਜਰਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਦੇ ਹਵਾਲੇ ਕਰੇ। ਰਾਇਟਰਜ਼
