ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਬ ਵਿਚ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਨ ਲਈ ਸੀਨੀਅਰ ਆਗੂ ਮਨਜੀਤ ਸਿੰਘ ਭੋਮਾ ਨੂੰ ਮਾਝਾ ਜ਼ੋਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜੋ ਮਾਝੇ ਵਿੱਚ ਜ਼ਿਲ੍ਹਿਆਂ ਦੇ ਇੰਚਾਰਜ ਨਿਯੁਕਤ ਕਰ ਕੇ ਧਰਮ ਪ੍ਰਚਾਰ ਦੀ ਲਹਿਰ ਵਿਢਣਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਦਿੱਲੀ ਕਮੇਟੀ ਵੱਲੋਂ ਤਿੰਨ ਅਗਸਤ ਨੂੰ ਦਫ਼ਤਰ ਖੋਲ੍ਹਿਆ ਜਾਵੇਗਾ ਤੇ ਮਨਜੀਤ ਸਿੰਘ ਭੋਮਾ ਦਫਤਰ ਦੇ ਵੀ ਇੰਚਾਰਜ ਹੋਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਧਰਮ ਪ੍ਰਚਾਰ ਦੀ ਲਹਿਰ ਵਿੱਢਣ ਦੀ ਬਹੁਤ ਸਖ਼ਤ ਜ਼ਰੂਰਤ ਸੀ ਕਿਉਂਕਿ ਇਸ ਲਹਿਰ ਦੀ ਅਣਹੋਂਦ ਵਿਚ ਸਿੱਖ ਧਰਮ ਦੇ ਮੈਂਬਰ ਬਹੁਤ ਤੇਜ਼ ਰਫਤਾਰ ਨਾਲ ਵੱਡੀ ਗਿਣਤੀ ਵਿਚ ਈਸਾਈ ਧਰਮ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਠੱਲ੍ਹ ਪਾਉਣ ਤੇ ਈਸਾਈ ਧਰਮ ਵਿਚ ਗਏ ਲੋਕਾਂ ਨੂੰ ਵਾਪਸ ਸਿੱਖੀ ਨਾਲ ਜੋੜਨ, ਉਨ੍ਹਾਂ ਨੂੰ ਅੰਮ੍ਰਿਤ ਛਕਾਉਣ, ਗੁਰੂ ਘਰਾਂ ਤੇ ਗੁਰਬਾਣੀ ਨਾਲ ਜੋੜਨ ਵਾਸਤੇ ਇਹ ਧਰਮ ਪ੍ਰਚਾਰ ਲਹਿਰ ਅਤਿ ਲੋੜੀਂਦੀ ਹੈ।
ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਭੋਮਾ ਨੇ ਜੀਵਨ ਵਿਚ ਸਿੱਖੀ ਲਈ ਘਾਲਣਾ ਘਾਲੀ ਹੈ ਤੇ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਭਾਈ ਅਮਰੀਕ ਸਿੰਘ ਸਮੇਤ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਨਾਲ ਕੰਮ ਕਰ ਚੁੱਕੇ ਹਨ। ਇਸ ਮੌਕੇ ਮਨਜੀਤ ਸਿੰਘ ਭੋਮਾ ਨੇ ਕਾਲਕਾ ਤੇ ਕਾਹਲੋਂ ਸਮੇਤ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਤੇ ਭਰੋਸਾ ਦੁਆਇਆ ਕਿ ਉਹ ਪਠਾਨਕੋਟ ਤੋਂ ਪੱਟੀ ਤੱਕ ਸਾਰੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ ਤੇ ਸਤਿਕਾਰ ਕਮੇਟੀਆਂ ਸਮੇਤ ਹੋਰ ਪੰਥਕ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰ ਕੇ ਮਾਝੇ ਵਿਚ ਸਿੱਖੀ ਦੇ ਪ੍ਰਚਾਰ ਵਿਚ ਆਈ ਖੜੋਤ ਨੂੰ ਤੋੜ ਕੇ ਪੰਜਾਬ ਵਿਚ ਸਿੱਖੀ ਦੀ ਲਹਿਰ ਪ੍ਰਚੰਡ ਕਰਨਗੇ।
ਦਿੱਲੀ ਕਮੇਟੀ ਵੱਲੋਂ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਲਾਉਣ ਦੇ ਫ਼ੈਸਲੇ ਦਾ ਵਿਰੋਧ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਵਕੀਲ ਵਿਨੋਦ ਘਈ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਕੀਮਤ ’ਤੇ ਐਡਵੋਕੇਟ ਘਈ ਨੂੰ ਪੰਜਾਬ ਦਾ ਨਵਾਂ ਏਜੀ ਨਿਯੁਕਤ ਨਹੀਂ ਹੋਣ ਦੇਣਗੇ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਤੇ ਅਫਸੋਸਜਨਕ ਖਬਰ ਹੈ ਕਿ ਪੰਜਾਬ ਵਿਚ ਬੇਅਦਬੀਆਂ ਦੇ ਮੁਲਜ਼ਮ ਡੇਰਾ ਸਿਰਸਾ ਮੁਖੀ ਦੇ ਵਕੀਲ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੀ ਜਨਤਾ ਤੇ ਖਾਸ ਤੌਰ ’ਤੇ ਸਿੱਖ ਕੌਮ ਨਾਲ ਇਕ ਵੱਡਾ ਧੋਖਾ ਹੈ।
ਰਾਮਗੜ੍ਹੀਆ ਬੋਰਡ ਦੇ ਮੈਂਬਰ ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ’ਚ ਸ਼ਾਮਲ
ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਰਾਮਗੜ੍ਹੀਆ ਬੋਰਡ ਦੇ ਸਮੁੱਚੇ ਮੈਂਬਰ ਅੱਜ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ।
ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਉਹ ਰਾਮਗੜ੍ਹੀਆ ਬੋਰਡ ਦੇ ਸਮੁੱਚੇ ਮੈਂਬਰਾਂ ਦੇ ਧੰਨਵਾਦੀ ਹਨ, ਜੋ ਅੱਜ ਪਾਰਟੀ ਵਿਚ ਸ਼ਾਮਲ ਹੋਏ ਹਨ ਤੇ ਇਨ੍ਹਾਂ ਮੈਂਬਰਾਂ ਨੂੰ ਜਲਦੀ ਹੀ ਪਾਰਟੀ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਧਰਮ ਦੀ ਸੇਵਾ ਨੂੰ ਪਹਿਲ ਦਿੱਤੀ ਗਈ ਹੈ ਤੇ ਸਾਡੀ ਪਾਰਟੀ ਨਿਰੋਲ ਧਾਰਮਿਕ ਪਾਰਟੀ ਹੈ, ਜੋ ਕਦੇ ਵੀ ਰਾਜਨੀਤੀ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਕੀਤੇ ਕਾਰਜ ਦਿੱਲੀ ਦੀ ਸੰਗਤ ਨੂੰ ਪਸੰਦ ਆ ਰਹੇ ਹਨ।