ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਮਾਰਚ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇਥੇ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਅਤਿ ਆਧੁਨਿਕ ਮਸ਼ੀਨਾਂ ਨਾਲ ਲੈਸ ਡਾਇਗਨੌਸਟਿਕ ਸੈਂਟਰ ਸ਼ੁਰੂ ਕੀਤਾ ਹੈ, ਜਿਸ ਵਿਚ ਐਮ.ਆਰ.ਆਈ, ਸੀ.ਟੀ ਸਕੈਨ, ਅਲਟਰਾਸਾਊਂਡ, ਡਿਜੀਟਲ ਐਕਸ ਰੇਅ ਤੇ ਹੋਰ ਟੈਸਟ ਕੀਤੇ ਜਾਣਗੇ। ਇਥੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਦੀ ਐਮਆਰਆਈ ਤੇ ਹੋਰ ਟੈਸਟ ਸਿਰਫ 50 ਰੁਪਏ ਵਿਚ ਕੀਤੇ ਜਾਣਗੇ। ਉਦਘਾਟਨ ਤੋਂ ਪਹਿਲਾਂ ਅਕਾਲ ਪੁਰਖ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਵਿਚ ਕਿਡਨੀ ਡਾਇਲਸਿਸ ਹਸਪਤਾਲ ਸ਼ੁਰੂ ਕਰਨ ਤੋਂ ਬਾਅਦ ਇਹ ਦੂਜਾ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਵਿਚ ਬਹੁਤ ਵੱਡੀ ਸਹਾਇਤਾ ਮਿਲੇਗੀ। ਜਲਦੀ ਹੀ ਕਿਡਨੀ ਹਸਪਤਾਲ ਨੂੰ 1 ਹਜ਼ਾਰ ਬੈਡਾਂ ਦਾ ਹਸਪਤਾਲ ਬਣਾਇਆ ਜਾਵੇਗਾ। ਸੈਂਟਰ ਦਾ ਉਦਘਾਟਨ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੁਨੇਜਾ ਪਰਿਵਾਰ, ਚਾਵਲਾ ਪਰਿਵਾਰ ਤੇ ਇਸ ਪ੍ਰਾਜੈਕਟ ਲਈ ਯੋਗਦਾਨ ਦੇਣ ਵਾਲੇ ਹਰ ਵਿਅਕਤੀ ਦਾ ਧੰਨਵਾਦ ਕੀਤਾ। ਇਸ ਮੌਕੇ ਇਨ੍ਹਾਂ ਪਰਿਵਾਰਾਂ ਦਾ ਦਿੱਲੀ ਗੁਰਦੁਆਰਾ ਕਮੇਟੀ ਨੇ ਵੀ ਸਨਮਾਨ ਕੀਤਾ।