ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਸਥਿਤ ਗੁਰਦੁਆਰਾ ਸਾਹਿਬ ਵਿੱਚ ਐਡਵਾਂਸ ਫਿਜ਼ੀਓਥੈਰੇਪੀ ਯੂਨਿਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਡਿਸਪੈਂਸਰੀ ਦੇ ਚੇਅਰਮੈਨ ਹਰਜੀਤ ਸਿੰਘ ਰਾਜਾ ਬਖ਼ਸ਼ੀ, ਐੱਚ ਐੱਸ ਭਾਟੀਆ, ਪ੍ਰੀਤ ਪ੍ਰਤਾਪ ਸਿੰਘ, ਸੁੰਦਰ ਸਿੰਘ ਨਾਰੰਗ, ਹਰਪਾਲ ਸਿੰਘ ਕੋਛੜ, ਅਜੀਤ ਸਿੰਘ ਮੋਂਗਾ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ। ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ’ਚ ਪਹਿਲਾਂ ਤੋਂ ਹੀ ਫਿਜ਼ੀਓਥੈਰੇਪੀ, ਡੈਂਟਲ, ਡਾਇਲਿਸਿਸ ਸੈਂਟਰ ਸਮੇਤ ਹੋਰ ਮੈਡੀਕਲ ਸਹੂਲਤਾਂ ਸੰਗਤ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੁਣ ਐਡਵਾਂਸ ਫਿਜ਼ੀਓਥੈਰੇਪੀ ਯੂਨਿਟ ਸੈਂਟਰ ਦੀ ਸ਼ੁਰੂਆਤ ਹੋਣ ਨਾਲ ਸੰਗਤ ਨੂੰ ਵੱਡਾ ਲਾਭ ਮਿਲੇਗਾ।
ਮਨਜਿੰਦਰ ਸਿੰਘ ਸਿਰਸਾ ਨੇ ਹਰਮਨਜੀਤ ਸਿੰਘ ਸਮੇਤ ਸਮੁੱਚੀ ਕਮੇਟੀ ਨੂੰ ਸੰਗਤ ਦੀ ਸਹੂਲਤ ਲਈ ਕੀਤੇ ਜਾ ਰਹੇ ਕਾਰਜਾਂ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਵੀ ਜੋ ਸੰਭਵ ਸਹਾਇਤਾ ਹੋ ਸਕੇਗੀ, ਉਹ ਮੁਹੱਈਆ ਕਰਵਾਈ ਜਾਵੇਗੀ।

