ਗੁਰੂ ਤੇਗ ਬਹਾਦਰ ਦੇ ਜੀਵਨ ’ਤੇੇ ਕੌਮਾਂਤਰੀ ਸੈਮੀਨਾਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨਾਰਥ ਕੈਂਪਸ, ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਪਿਤਮਪੁਰਾ, ਸ੍ਰੀ ਗੁਰੂ ਨਾਨਕ ਦੇਵ ਖਾਲਸਾ ਕਾਲਜ (ਦੇਵ ਨਗਰ) ਅਤੇ ਮਾਤਾ ਸੁੰਦਰੀ ਕਾਲਜ ਆਫ ਵੁਮੈਨ ਮੰਡੀ ਹਾਊਸ ਵੱਲੋਂ ਅੱਜ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸ਼ਹਾਦਤ ਤੇ ਵਿਰਸੇ ਸਬੰਧੀ ਦੋ ਰੋਜ਼ਾ ਕੌਮਾਂਤਰੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਹੋਇਆ। ਮੁੱਖ ਮਹਿਮਾਨ ਵਜੋਂ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤੇ ਵਿਸ਼ੇਸ਼ ਮਹਿਮਾਨਾਂ ਵਜੋਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ਼ਮੂਲੀਅਤ ਕੀਤੀ। ਸਿਰਸਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਕੌਮਾਂਤਰੀ ਸੈਮੀਨਾਰ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਕਾਲਜ ਵਿੱਚ ਪੜ੍ਹੇ ਹਨ ਤੇ ਅੱਜ ਦੇ ਸਮਾਗਮ ਵਿੱਚ ਸ਼ਮੂਲੀਅਤ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਇਸ ਮੌਕੇ ਦੱਸਿਆ ਕਿ 25 ਨਵੰਬਰ ਨੂੰ ਗੁਰੂ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਹੈ, ਜਿਸ ਮੌਕੇ ਦਿੱਲੀ ਸਰਕਾਰ ਵੱਲੋਂ ਲਾਲ ਕਿਲ੍ਹੇ ’ਤੇ 23, 24 ਅਤੇ 25 ਨਵੰਬਰ ਨੂੰ ਬਹੁਤ ਵੱਡੇ ਪੱਧਰ ’ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਕਾਲਕਾ ਤੇ ਜਨਰਲ ਸਕੱਤਰ ਕਾਹਲੋਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਸਮੇਂ ਦੀ ਲੋੜ ਹੈ।