ਸ਼ਹੀਦੀ ਸ਼ਤਾਬਦੀ ਲਈ ਵੱਖ-ਵੱਖ ਧਰਮ ਗੁਰੂਆਂ ਨੂੰ ਸੱਦਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ ਅਕਤੂਬਰ ਮਹੀਨੇ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸੰਮੇਲਨ ਵਿੱਚ ਸਿੱਖ ਧਰਮ ਦੇ ਨਾਲ-ਨਾਲ ਹੋਰ ਧਰਮਾਂ ਤੋਂ ਧਰਮ ਗੁਰੂ ਵੀ ਸ਼ਮੂਲੀਅਤ ਕਰਨਗੇ। ਇਸ ਦੌਰਾਨ ਵੱਖ-ਵੱਖ ਧਰਮ ਗੁਰੂ, ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਬਾਰੇ ਆਪੋ ਆਪਣੇ ਵਿਚਾਰ ਪ੍ਰਗਟ ਕਰਨਗੇ। ਇਸ ਸੰਮੇਲਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਗਲੁਰੂ ਵਿਚ ਪੰਡਤ ਸ੍ਰੀ ਸ੍ਰੀ ਰਵੀਸ਼ੰਕਰ ਅਤੇ ਆਚਾਰਯ ਲੋਕੇਸ਼ ਮੁਨੀ ਨੂੰ ਸੱਦਾ ਪੱਤਰ ਦਿੱਤਾ ਹੈ। ਇਹ ਸਮਾਗਮ ਭਾਰਤ ਮੰਡਪ ਹਾਲ ਪ੍ਰਗਤੀ ਮੈਦਾਨ ਵਿਚ ਹੋਵੇਗਾ ਜਿਸ ਵਿਚ ਵੱਡੀ ਗਿਣਤੀ ’ਚ ਧਾਰਮਿਕ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਜਦੋਂ ਦੂਜੇ ਧਰਮਾਂ ਦੇ ਧਰਮ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੇ ਮਹੱਤਵ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਚਰਚਾ ਕਰਨਗੇ ਤਾਂ ਇਸ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਵਿਚ ਬਹੁਤ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਆਪਣੇ ਆਪ ਵਿਚ ਬਹੁਤ ਨਿਵੇਕਲਾ ਹੋਵੇਗਾ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਕਮੇਟੀ ਦੀ ਟੀਮ ਦਿਨ ਰਾਤ ਕੰਮ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਕੌਮੀ ਰਾਜਧਾਨੀ ਵਿੱਚ ਵੱਡੇ ਪੱਧਰ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਇਹ ਸਰਬ ਧਰਮ ਸਮਾਗਮ ਵੀ ਇਨ੍ਹਾਂ ਸ਼ਤਾਬਦੀ ਸਮਾਗਮਾਂ ਦੀ ਹੀ ਹਿੱਸਾ ਹੈ।