ਤਕਨਾਲੋਜੀ ਨਾਲ ਲੈਸ ਹੋਣਾ ਜ਼ਰੂਰੀ: ਰੇਖਾ ਗੁਪਤਾ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਵੀਆਂ ਤਕਨੀਕਾਂ ਅਤੇ ਤਕਨਾਲੋਜੀ ਨਾਲ ਲਗਾਤਾਰ ਆਪਣੇ ਆਪ ਨੂੰ ਅਪਗ੍ਰੇਡ ਕਰਨਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨਾਲ ਜੁੜੇ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਅਪੀਲ ਕੀਤੀ। ਇੱਥੇ ਮਾਲ ਵਿਭਾਗ ਦੇ ਤਹਿਸੀਲਦਾਰਾਂ ਅਤੇ ਸਬ-ਰਜਿਸਟਰਾਰਾਂ ਲਈ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਨੂੰ ਸੰਬੋਧਨ ਕਰਦੀ ਹੋਏ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸਿਖਲਾਈ, ਅਧਿਕਾਰੀਆਂ ਦੇ ਨਾਲ-ਨਾਲ ਰਾਜਨੀਤਿਕ ਨੇਤਾਵਾਂ ਲਈ ਜੀਵਨ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵਿੱਚ ਅਧਿਕਾਰੀਆਂ ਦੀ ਸਿਖਲਾਈ ਦੀ ਕੋਈ ਪ੍ਰਣਾਲੀ ਨਹੀਂ ਹੈ। ਇਸ ਸਿਖਲਾਈ ਤੋਂ ਬਾਅਦ ਤਹਿਸੀਲਦਾਰ ਅਤੇ ਸਬ-ਰਜਿਸਟਰਾਰ ਲੋਕਾਂ ਦੀ ਵਧੇਰੇ ਕੁਸ਼ਲਤਾ ਨਾਲ ਸੇਵਾ ਕਰਨ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੀਨੀਅਰ ਅਧਿਕਾਰੀਆਂ ਦੀ ਸਿਖਲਾਈ ਲਈ ਵੀ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਬਿਹਤਰ ਸ਼ਾਸਨ ਅਤੇ ਜਨਤਕ ਸ਼ਿਕਾਇਤਾਂ ਦੇ ਨਿਬੇੜੇ ਲਈ ਅਧਿਕਾਰੀਆਂ ਨੂੰ ਨਵੀਆਂ ਪ੍ਰਣਾਲੀਆਂ ਅਤੇ ਤਕਨੀਕਾਂ ਨਾਲ ਲੈਸ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਦੇ ਸੰਵੇਦਨਸ਼ੀਲ ਹੋਣਾ ਅਤੇ ਸਿਖਲਾਈ ਦਾ ਹੋਣਾ ਇੱਕ ਮਹੱਤਵਪੂਰਨ ਹਿੱਸਾ ਹੈ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦੇਸ਼ ਵਿੱਚ ਹਰ ਖੇਤਰ ਵਿੱਚ ਤੇਜ਼ੀ ਨਾਲ ਵਧ ਰਹੀ ਤਕਨਾਲੋਜੀ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਹਰ ਖੇਤਰ ਵਿੱਚ ਕੰਮ ਕਾਰ ਤਕਨਾਲੋਜੀ ਤਹਿਤ ਹੀ ਹੁੰਦਾ ਹੈ, ਚਾਹੇ ਉਹ ਛੋਟੇ ਪੱਧਰ ਦੀ ਤਕਨਾਲੋਜੀ ਹੋਵੇ ਜਾਂ ਵੱਡੇ ਪੱਧਰ ਦੀ। ਇਸ ਕਰ ਕੇ ਲੋਕਾਂ ਦੀ ਸੇਵਾ ਕਰ ਰਹੇ ਅਧਿਕਾਰੀਆਂ ਨੂੰ ਵੀ ਤਕਨਾਲੋਜੀ ਤੋਂ ਪੂਰੀ ਤਰ੍ਹਾਂ ਜਾਣੂ ਹੋਣਾ ਚਾਹੀਦਾ ਹੈ।