ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਜੂਨ
‘ਆਪ’ ਵਿਧਾਇਕ ਦੁਰਗੇਸ਼ ਪਾਠਕ ਨੇ ਅੱਜ ਰਾਜਿੰਦਰ ਨਗਰ ਵਿੱਚ ਸੀਵਰੇਜ ਦਾ ਕੰਮ ਸ਼ੁਰੂ ਕਰਵਾਉਣ ਲਈ ਤਿੰਨ ਥਾਵਾਂ ਦਾ ਜਾਇਜ਼ਾ ਲਿਆ। ਕੰਮ ਦੇ ਪਹਿਲੇ ਦਿਨ ਉਹ ਅਧਿਕਾਰੀਆਂ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ| ਉਨ੍ਹਾਂ ਬਿਰਧ ਆਸ਼ਰਮ ਦੇ ਪਾਰਕ ਵਿੱਚ ਨਵੀਂ ਸੀਵਰੇਜ ਲਾਈਨ, ਸੀਵਰੇਜ ਟਰੀਟਮੈਂਟ ਪਲਾਂਟ, ਪਾਣੀ ਦੀ ਨਵੀਂ ਪਾਈਪਲਾਈਨ ਅਤੇ ਜਿਮ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਸ਼ੰਕਰ ਰੋਡ ’ਤੇ ਚੱਲ ਰਹੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਸਾਰੀ ਕਾਰਜ ਦੀ ਗੁਣਵੱਤਾ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ| ਉਨ੍ਹਾਂ ਪਾਂਡਵ ਨਗਰ ਵਿੱਚ ਸੀਵਰੇਜ ਦੇ ਕੰਮ ਦਾ ਜਾਇਜ਼ਾ ਵੀ ਲਿਆ। ਉਹ ਭਲਕੇ ਦਿੱਲੀ ਜਲ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾ ਕੇ ਵਿਸਥਾਰ ਵਿੱਚ ਚਰਚਾ ਕਰਨਗੇ।
ਇਸ ਮੌਕੇ ਬੋਲਦਿਆਂ ਦੁਰਗੇਸ਼ ਪਾਠਕ ਨੇ ਕਿਹਾ ਕਿ ਉਪ ਚੋਣ ਦੌਰਾਨ ਰਾਜਿੰਦਰ ਨਗਰ ਦੇ ਲੋਕਾਂ ਨਾਲ ਸੀਵਰੇਜ ਅਤੇ ਪਾਣੀ ਦੀ ਸਮੱਸਿਆ ਦੂਰ ਕਰਨ ਦਾ ਵਾਅਦਾ ਕੀਤਾ ਸੀ। ਹੁਣ ਇਸ ਨੂੰ ਪੂਰਾ ਕਰਨ ਦਾ ਸਮਾਂ ਆ ਗਿਆ ਹੈ। ਪਾਂਡਵ ਨਗਰ ਵਿੱਚ ਇੱਕ ਡਰੇਨ ਹੈ ਜਿਸ ਵਿੱਚ ਬਰਸਾਤ ਦੇ ਮੌਸਮ ਵਿੱਚ ਪਾਣੀ ਭਰ ਜਾਂਦਾ ਹੈ। ਅਜਿਹੇ ਵਿੱਚ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਉੱਥੇ ਕੰਧ ਬਣਾਉਣ ਦੀ ਯੋਜਨਾ ਹੈ। ਇਸ ਦੀ ਸਮੀਖਿਆ ਲਈ ਭਲਕੇ ਅਧਿਕਾਰੀਆਂ ਨੂੰ ਵੀ ਬੁਲਾਇਆ ਗਿਆ ਹੈ।