Jantar Mantar Protest: ਦਿੱਲੀ ਪੁਲੀਸ ਨੇ ਜੰਤਰ-ਮੰਤਰ ’ਤੇ 10 ਅਕਤੂਬਰ ਦੇ ਪ੍ਰਦਰਸ਼ਨ ਦੀ ਪ੍ਰਵਾਨਗੀ ਰੱਦ ਕੀਤੀ
ਦੇਰ ਨਾਲ ਅਰਜ਼ੀ ਦੇਣ ਦਾ ਦਿੱਤਾ ਹਵਾਲਾ; ਸ਼ਨੀਵਾਰ ਨੂੰ ਇਲਾਕੇ ’ਚ ਲਾਈਆਂ ਸਖ਼ਤ ਪਾਬੰਦੀਆਂ
ਦਿੱਲੀ ਪੁਲੀਸ ਨੇ ‘ਕੌਕਰੋਚ ਜਨਤਾ ਪਾਰਟੀ’ (CJP) ਨੂੰ 10 ਅਕਤੂਬਰ ਨੂੰ ਜੰਤਰ-ਮੰਤਰ ’ਤੇ ਧਰਨਾ ਦੇਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਧਰਨਾ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਦਿੱਤਾ ਜਾਣਾ ਸੀ। ਪੁਲੀਸ ਨੇ ਕਿਹਾ ਕਿ ਪਾਰਟੀ ਨੇ ਧਰਨੇ ਦੀ ਅਰਜ਼ੀ ਬਹੁਤ ਦੇਰ ਨਾਲ ਦਿੱਤੀ ਸੀ ਅਤੇ ਪਹਿਲਾਂ ਵੀ ਨਿਯਮਾਂ ਦੀ ਉਲੰਘਣਾ ਕੀਤੀ ਸੀ। ਇਸ ਦੇ ਨਾਲ ਹੀ ਪੁਲੀਸ ਨੇ ਸ਼ਨੀਵਾਰ ਲਈ ਪੂਰੇ ਨਵੀਂ ਦਿੱਲੀ ਇਲਾਕੇ ਵਿੱਚ ਰੋਕੂ ਹੁਕਮ ਲਾਗੂ ਕਰ ਦਿੱਤੇ ਹਨ।
ਜੁਆਇੰਟ ਪੁਲੀਸ ਕਮਿਸ਼ਨਰ ਨੂਪੁਰ ਪ੍ਰਸਾਦ ਨੇ ਦੱਸਿਆ ਕਿ CJP ਦੇ ਸਹਿ-ਸੰਚਾਲਕ ਸੌਰਵ ਦਾਸ ਨੇ 7 ਅਕਤੂਬਰ ਨੂੰ ਅਰਜ਼ੀ ਦਿੱਤੀ ਸੀ। ਹਾਲਾਂਕਿ, ਨਿਯਮਾਂ ਅਨੁਸਾਰ ਜੰਤਰ-ਮੰਤਰ ’ਤੇ ਕਿਸੇ ਵੀ ਪ੍ਰੋਗਰਾਮ ਲਈ ਘੱਟੋ-ਘੱਟ 10 ਦਿਨ ਪਹਿਲਾਂ ਅਰਜ਼ੀ ਦੇਣੀ ਲਾਜ਼ਮੀ ਹੁੰਦੀ ਹੈ। ਪੁਲੀਸ ਅਨੁਸਾਰ, ਇਸ ਪਾਰਟੀ ਨੇ ਪਹਿਲਾਂ ਵੀ ਕਾਨੂੰਨੀ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਸੀ। ਇਸ ਲਈ ਸ਼ਹਿਰ ਦੀ ਸੁਰੱਖਿਆ, ਟਰੈਫਿਕ ਅਤੇ ਅਮਨ-ਕਾਨੂੰਨ ਨੂੰ ਧਿਆਨ ਵਿੱਚ ਰੱਖਦੇ ਹੋਏ ਧਰਨੇ ਦੀ ਮੰਜ਼ੂਰੀ ਨਹੀਂ ਦਿੱਤੀ ਗਈ।
ਦਿੱਲੀ ਪੁਲੀਸ ਨੇ ਦੱਸਿਆ ਕਿ ਨਵੀਂ ਦਿੱਲੀ ਖੇਤਰ ਵਿੱਚ 'ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ' (BNSS) ਦੀ ਧਾਰਾ 163 ਲਾਗੂ ਹੈ। ਇਸ ਤਹਿਤ ਜਨਤਕ ਸੁਰੱਖਿਆ ਲਈ ਜ਼ਰੂਰੀ ਰੋਕਾਂ ਲਗਾਈਆਂ ਗਈਆਂ ਹਨ। ਪੁਲੀਸ ਨੇ ਸਪਸ਼ਟ ਚਿਤਾਵਨੀ ਦਿੱਤੀ ਹੈ ਕਿ ਨਿਯਮ ਤੋੜਨ, ਤੋੜ-ਫੋੜ ਕਰਨ ਜਾਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਦਿੱਲੀ ਮੈਟਰੋ ਨੂੰ 57 ਮੈਟਰੋ ਸਟੇਸ਼ਨ ਬੰਦ ਕਰਨ ਲਈ ਲਿਖਿਆ ਹੈ। ਇਸ ਤੋਂ ਇਲਾਵਾ ਰੇਲਵੇ ਨੇ ਵੀ ਦਿੱਲੀ ਆਉਣ ਵਾਲੇ ਕਈ ਰੇਲ ਰੂਟਾਂ ਨੂੰ ਬੰਦ ਕਰ ਦਿੱਤਾ ਹੈ।

