Jantar Mantar Protest: ਮੈਟਰੋ ਤੇ ਰੇਲ ਗੱਡੀਆਂ ਬੰਦ ਕਰਨ ਦੇ ਮਾਮਲੇ ’ਚ ਅੱਜ ਸੁਣਵਾਈ ਕਰੇਗੀ ਸੁਪਰੀਮ ਕੋਰਟ
ਕੇਂਦਰੀ ਗ੍ਰਹਿ ਸਕੱਤਰ ਤੇ ਹੋਰਨਾਂ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ; ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼; ਸੁਪਰੀਮ ਕੋਰਟ ਨੇ ਦਿੱਲੀ ਆਉਣ ਵਾਲੀਆਂ ਮੈਟਰੋ ਤੇ ਰੇਲ ਸੇਵਾਵਾਂ ਪੂਰੀ ਤਰ੍ਹਾਂ ਬੰਦ ਨਾ ਕਰਨ ਦੇ ਦਿੱਤੇ ਸਨ ਨਿਰਦੇਸ਼
Jantar Mantar Protest: ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕੌਕਰੇਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਮੈਟਰੋ ਅਤੇ ਭਾਰਤੀ ਰੇਲਵੇ ਦੀਆਂ ਗੱਡੀਆਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਕਰਨ ਦੇ ਮਾਮਲੇ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ ਅੱਜ ਐਤਵਾਰ ਦਾ ਦਿਨ ਨਿਰਧਾਰਤ ਕੀਤਾ ਹੈ। ਇੱਕ ਵਕੀਲ ਨੇ ਕੇਂਦਰੀ ਗ੍ਰਹਿ ਸਕੱਤਰ ਅਤੇ ਹੋਰਨਾਂ ਅਧਿਕਾਰੀਆਂ ਵਿਰੁੱਧ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
ਵਕੀਲ ਸ਼ੈਲੇਂਦਰ ਮਣੀ ਤ੍ਰਿਪਾਠੀ ਵੱਲੋਂ ਦਾਇਰ ਪਟੀਸ਼ਨ ’ਤੇ 11 ਅਕਤੂਬਰ ਨੂੰ ਸਵੇਰੇ 10.30 ਵਜੇ ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਅੱਗੇ ਸੁਣਵਾਈ ਹੋਵੇਗੀ।
ਤ੍ਰਿਪਾਠੀ ਨੇ ਦੋਸ਼ ਲਾਇਆ ਕਿ ਸੁਪਰੀਮ ਕੋਰਟ ਵੱਲੋਂ 9 ਅਕਤੂਬਰ ਨੂੰ ਦਿੱਤੇ ਨਿਰਦੇਸ਼ਾਂ ਦੇ ਬਾਵਜੂਦ ਕੌਮੀ ਰਾਜਧਾਨੀ ਵਿੱਚ ਮੈਟਰੋ ਸਟੇਸ਼ਨਾਂ ਨੂੰ ਬੰਦ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪਾਬੰਦੀਆਂ ਜਾਰੀ ਰਹਿਣ ਕਾਰਨ ਦਿੱਲੀ ਵਿੱਚ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਅਤੇ ਮੁਸਾਫ਼ਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: Gurudwara Bangla Sahib: ਪੁਲੀਸ ਤੋਂ ਬਚਣ ਲਈ ਗੁਰਦੁਆਰਾ ਬੰਗਲਾ ਸਾਹਿਬ ਅੰਦਰ ਦਾਖ਼ਲ ਹੋਏ ਪ੍ਰਦਰਸ਼ਨਕਾਰੀ
ਪਟੀਸ਼ਨ ਵਿੱਚ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਦਿੱਲੀ ਪੁਲੀਸ ਕਮਿਸ਼ਨਰ ਅਨੁਰਾਗ ਕੁਮਾਰ ਅਤੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੀ ਚੇਅਰਪਰਸਨ ਡੀ. ਥਾਰਾ ਵਿਰੁੱਧ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਲਈ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ।
ਮੈਟਰੋ ਸਟੇਸ਼ਨ ਬੰਦ ਕਰਨ ਤੇ ਰੇਲ ਗੱਡੀਆਂ ਰੱਦ ਕਰਨ ਦਾ ਮਾਮਲਾ
ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ 9 ਅਕਤੂਬਰ ਦੇ ਉਸ ਹੁਕਮ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਸੀਜੀਪੀ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਮੈਟਰੋ ਦੇ 57 ਸਟੇਸ਼ਨ ਬੰਦ ਕਰਨ ਅਤੇ ਦਿੱਲੀ ਆਉਣ ਵਾਲੀਆਂ ਵੱਡੀ ਗਿਣਤੀ ਵਿੱਚ ਰੇਲ ਗੱਡੀਆਂ ਰੱਦ ਕਰਨ ਵਿਰੁੱਧ ਪਟੀਸ਼ਨ ’ਤੇ ਵਿਚਾਰ ਕੀਤਾ ਗਿਆ ਸੀ।
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਹੇਠਲੇ ਤਿੰਨ ਜੱਜਾਂ ਦੇ ਬੈਂਚ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਮੁੱਖ ਚੋਣ ਕਮਿਸ਼ਨਰ ਵਿਰੁੱਧ ਪ੍ਰਦਰਸ਼ਨ ਨਾਲ ਨਜਿੱਠਣ ਲਈ ਸਰਕਾਰ ਹਰ ਚੀਜ਼ ਠੱਪ ਨਹੀਂ ਕਰ ਸਕਦੀ। ਬੈਂਚ ਨੇ ਕੇਂਦਰ ਸਰਕਾਰ ਨੂੰ ਯਕੀਨੀ ਬਣਾਉਣ ਲਈ ਕਿਹਾ ਸੀ ਕਿ ਦਿੱਲੀ ਆਉਣ ਵਾਲੀਆਂ ਮੈਟਰੋ ਅਤੇ ਰੇਲ ਗੱਡੀਆਂ ਦੀ ਆਵਾਜਾਈ ’ਤੇ ਪੂਰੀ ਤਰ੍ਹਾਂ ਪਾਬੰਦੀ ਨਾ ਲਾਈ ਜਾਵੇ।
ਅਦਾਲਤ ਨੇ ਕਿਹਾ ਸੀ ਕਿ ਸਰਕਾਰ ਨੂੰ ਢੁੱਕਵੇਂ ਨਿਯਮਾਂ ਤਹਿਤ ਫ਼ੈਸਲੇ ਲੈਣੇ ਚਾਹੀਦੇ ਹਨ ਤਾਂ ਜੋ ਆਮ ਲੋਕਾਂ ਨੂੰ ਘੱਟ ਤੋਂ ਘੱਟ ਪ੍ਰੇਸ਼ਾਨੀ ਹੋਵੇ। ਕਈ ਮੈਟਰੋ ਸਟੇਸ਼ਨਾਂ ਦੇ ਦਾਖ਼ਲਾ ਅਤੇ ਬਾਹਰ ਜਾਣ ਵਾਲੇ ਦਰਵਾਜ਼ੇ ਬੰਦ ਕਰਨ ਅਤੇ ਰੇਲ ਗੱਡੀਆਂ ਰੱਦ ਕਰਨ ’ਤੇ ਚਿੰਤਾ ਪ੍ਰਗਟਾਉਂਦਿਆਂ ਬੈਂਚ ਨੇ ਕਿਹਾ ਸੀ, “ਮੱਖੀ ਮਾਰਨ ਲਈ ਹਥੌੜੇ ਦੀ ਵਰਤੋਂ ਨਹੀਂ ਕਰਨੀ ਚਾਹੀਦੀ।”
ਜਨਤਕ ਆਵਾਜਾਈ ਪੂਰੀ ਤਰ੍ਹਾਂ ਬੰਦ ਕਰਨਾ ਠੀਕ ਨਹੀਂ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਬੇਕਾਬੂ ਆਵਾਜਾਈ ਰੋਕਣ ਲਈ ਕਦਮ ਚੁੱਕਣ ਦਾ ਅਧਿਕਾਰ ਹੈ, ਪਰ ਨਾਗਰਿਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।
ਬੈਂਚ ਨੇ ਕਿਹਾ ਸੀ ਕਿ ਸਬੰਧਤ ਨੋਟੀਫਿਕੇਸ਼ਨਾਂ ਜ਼ਰੂਰੀ ਜਨਤਕ ਆਵਾਜਾਈ ’ਤੇ ਪੂਰੀ ਪਾਬੰਦੀ ਲਾਉਂਦੀਆਂ ਜਾਪਦੀਆਂ ਹਨ। ਅਦਾਲਤ ਨੇ ਪੂਰੀ ਪਾਬੰਦੀ ਅਤੇ ਆਵਾਜਾਈ ਨੂੰ ਨਿਯਮਬੱਧ ਕਰਨ ਵਿਚਲੇ ਫ਼ਰਕ ਵੱਲ ਧਿਆਨ ਦਿਵਾਇਆ ਸੀ। ਇਸ ਮਗਰੋਂ ਸਾਲਿਸਿਟਰ ਜਨਰਲ ਨੇ ਅਧਿਕਾਰੀਆਂ ਨੂੰ ਪਾਬੰਦੀਆਂ ’ਤੇ ਮੁੜ ਵਿਚਾਰ ਕਰਨ ਲਈ ਕਹਿਣ ਦੀ ਸਹਿਮਤੀ ਦਿੱਤੀ ਸੀ।
ਅਦਾਲਤ ਨੇ ਇਹ ਵੀ ਕਿਹਾ ਸੀ ਕਿ ਮੈਟਰੋ ਅਤੇ ਹੋਰ ਰੇਲ ਸੇਵਾਵਾਂ ਨੂੰ ਢੁੱਕਵੇਂ ਨਿਯਮਾਂ ਤਹਿਤ ਚਲਾਉਣ ਬਾਰੇ ਸਮਝਦਾਰੀ ਨਾਲ ਫ਼ੈਸਲਾ ਲਿਆ ਜਾਵੇ ਅਤੇ ਇਸ ਦਾ ਵਿਆਪਕ ਪ੍ਰਚਾਰ ਕੀਤਾ ਜਾਵੇ। ਸ਼ਹਿਰ ਵਿੱਚ ਵਾਹਨਾਂ ਦੀ ਆਵਾਜਾਈ ਸੁਚਾਰੂ ਰੱਖਣ ਲਈ ਅਖ਼ਬਾਰਾਂ ਅਤੇ ਆਨਲਾਈਨ ਮਾਧਿਅਮਾਂ ਰਾਹੀਂ ਆਵਾਜਾਈ ਸਬੰਧੀ ਸਲਾਹ ਵੀ ਜਾਰੀ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਸਫ਼ਰ ਦੌਰਾਨ ਮੁਸ਼ਕਲ ਨਾ ਆਵੇ।
ਸੁਪਰੀਮ ਕੋਰਟ ਸੀਨੀਅਰ ਵਕੀਲ ਅਤੇ ਤ੍ਰਿਣਮੂਲ ਕਾਂਗਰਸ ਦੀ ਰਾਜ ਸਭਾ ਮੈਂਬਰ ਮੇਨਕਾ ਗੁਰੂਸਵਾਮੀ ਵੱਲੋਂ ਦਾਇਰ ਇੱਕ ਹੋਰ ਪਟੀਸ਼ਨ ’ਤੇ ਵੀ ਸੁਣਵਾਈ ਕਰੇਗੀ।

