ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਫਰਵਰੀ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਦਾ ਸਭ ਤੋਂ ਵੱਡਾ ਡਾਇਲਸਿਸ ਸੈਂਟਰ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਨਾਂ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰ ਕੀਤਾ ਹੈ ਜੋ ਬਾਲਾ ਸਾਹਿਬ ਹਸਪਤਾਲ ਵਿਚ ਛੇਤੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਇਥੇ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਮਗਰੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਿਆਰ ਕੀਤੇ ਜਾ ਰਹੇ ਬਾਲਾ ਸਾਹਿਬ ਹਸਪਤਾਲ ਅਤੇ ਨਵੀਂ ਤਿਆਰ ਕੀਤੀ ਗਈ ਆਧੁਨਿਕ ਰਸੋਈ ਦਾ ਜਾਇਜ਼ਾ ਲਿਆ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਥੇਦਾਰ ਸਾਹਿਬ ਨੂੰ ਦੋਵਾਂ ਥਾਵਾਂ ਬਾਰੇ ਜਾਣਕਾਰੀ ਦਿੱਤੀ। ਜਾਇਜ਼ਾ ਲੈਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਦਾ ਨੀਂਹ ਪੱਥਰ 2001 ਵਿਚ ਰੱਖਿਆ ਗਿਆ ਸੀ ਜਿਸ ਵਿਚ 100 ਬਿਸਤਰਿਆਂ ਦਾ ਪਹਿਲਾ ਫੇਜ਼ ਆਉਂਦੇ ਹਫਤੇ ਤੋਂ 10 ਦਿਨਾਂ ਵਿਚ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਥੇ ਇਕ ਸਮੇਂ ਵਿਚ 100 ਮਰੀਜ਼ਾਂ ਦਾ ਡਾਇਲਸਿਸ ਕੀਤਾ ਜਾ ਸਕੇਗਾ ਤੇ ਰੋਜ਼ਾਨਾ 500 ਦੇ ਕਰੀਬ ਮਰੀਜ਼ਾਂ ਦਾ ਡਾਇਲਸਿਸ ਹੋ ਸਕੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡਾਇਗਨੋਸਟਿਕ ਸੈਂਟਰ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਾਸਤੇ ਐੱਮਆਰਆਈ ਮਸ਼ੀਨ ਤੇ ਸੀਟੀ ਸਕੈਨ ਮਸ਼ੀਨਾਂ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਤਿ ਆਧੁਨਿਕ ਢੰਗ ਨਾਲ ਬਣ ਕੇ ਰਸੋਈ ਤਿਆਰ ਕੀਤੀ ਗਈ ਹੈ ਜੋ ਕਿ ਕਰੋਨਾ ਹਾਲਾਤਾਂ ਦੇ ਮੱਦੇਨਜ਼ਰ ਬਹੁਤ ਜ਼ਰੂਰੀ ਸੀ। ਇਸ ਦੌਰਾਨ ਉਨ੍ਹਾਂ ਇਨ੍ਹਾਂ ਵੱਡੀਆਂ ਪ੍ਰਾਪਤੀਆਂ ਲਈ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਗੁਰਦੁਆਰਾ ਸਾਹਿਬਾਨ ਵਿਚ ਹੋਣੀਆਂ ਬਹੁਤ ਜ਼ਰੂਰੀ ਹਨ।