ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 29 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 400 ਸਹਿਜ ਪਾਠ ਰੱਖੇ ਗਏ ਹਨ, ਜਿਨ੍ਹਾਂ ਦੀ ਸਮਾਪਤੀ ’ਤੇ ਅਗਲੇ ਸਾਲ ਮਈ ਵਿਚ ਇਕੱਠਾ ਭੋਗ ਪਾਇਆ ਜਾਵੇਗਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸਤਰੀ ਅਕਾਲੀ ਦਲ ਅਤੇ ਮਾਈ ਭਾਗੋ ਬ੍ਰਿਗੇਡ ਨੂੰ ਇਸ ਪ੍ਰੋਗਰਾਮ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਕਮੇਟੀ ਦੀ ਧਰਮ ਪ੍ਰਚਾਰ ਦੇ ਮੁਖੀ ਜਤਿੰਦਰਪਾਲ ਸਿੰਘ ਗੋਲਡੀ ਦੇ ਨਾਲ ਤਾਲਮੇਲ ਕਰ ਕੇ 400 ਸਹਿਜ ਪਾਠ ਰੱਖਣ ਦਾ ਪ੍ਰੋਗਰਾਮ ਉਲੀਕਿਆ ਅਤੇ ਉਨ੍ਹਾਂ ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾਵਾਂ ਨੂੰ ਇਸ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਕੜੀ ਦਾ ਹਿੱਸਾ ਬਣਨ ਲਈ ਫ਼ੋਨ ਆਉਣ ਲੱਗੇ ਅਤੇ ਉਨ੍ਹਾਂ ਪਹਿਲਾਂ 400 ਲੋਕਾਂ ਨੂੰ ਜੋੜ ਕੇ ਸਹਿਜ ਪਾਠ ਦੀ ਆਰੰਭਤਾ ਅੱਜ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰ ਦਿੱਤੀ। ਇਸ ਮੌਕੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਵੀ ਮੌਜੁਦ ਰਹੇ। ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਸਹਿਜ ਪਾਠ ਕਰਨ ਵਾਲੀ ਸਾਰੀ ਸੰਗਤ ਤੋਂ ਅਪੀਲ ਕੀਤੀ ਹੈ ਕਿ ਸਹਿਜ ਪਾਠ ਕਰਦੇ ਹੋਏ ਅਸੀਂ ਗੁਰਬਾਣੀ ਦੇ ਅਰਥਾਂ ਨੂੰ ਗਹਿਰਾਈ ਨਾਲ ਸਮਝ ਕੇ ਆਪਣੇ ਪਰਵਾਰਿਕ ਮੈਂਬਰਾਂ ਨੂੰ ਵੀ ਇਸ ਨਾਲ ਜੋੜੀਏ।