ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਨਵੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ’ਤੇ ਖੁੱਲ੍ਹ ਕੇ ਸ਼ਬਦੀ ਹਮਲਾ ਕੀਤਾ ਹੈ। ਕੇਜਰੀਵਾਲ ਨੇ ਉਪ ਰਾਜਪਾਲ ’ਤੇ ‘ਆਪ’ ਸਰਕਾਰ ਦੇ ਪ੍ਰੋਗਰਾਮਾਂ ਅਤੇ ਯੋਜਨਾਵਾਂ ਵਿੱਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਹੈ। ਕਿਸੇ ਦਾ ਨਾਂ ਲਏ ਬਿਨਾਂ ਕੇਜਰੀਵਾਲ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਸਰਕਾਰ ਦੇ ਮੁਹੱਲਾ ਕਲੀਨਿਕਾਂ ਅਤੇ ਸਕੂਲਾਂ ਨੂੰ ਅੱਗੇ ਨਿਸ਼ਾਨਾ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਉਪ ਰਾਜਪਾਲ ਨੇ 31 ਅਕਤੂਬਰ ਤੋਂ ਬਾਅਦ ਦਿੱਲੀ ਦੀ ਯੋਗਸ਼ਾਲਾ ਯੋਜਨਾ, ਜਿਸ ਤਹਿਤ ਮੁਫਤ ਯੋਗਾ ਕਲਾਸਾਂ ਚਲਾਈਆਂ ਜਾਂਦੀਆਂ ਹਨ ਦੇ ਵਾਧੇ ਨੂੰ ਮਨਜ਼ੂਰੀ ਨਹੀਂ ਦਿੱਤੀ। ਇਸ ਮਾਮਲੇ ਤੋਂ ਬਾਅਦ ਹੀ ਹੁਣ ਮੁੱਖ ਮੰਤਰੀ ਦਾ ਇਹ ਬਿਆਨ ਆਇਆ ਹੈ।
ਇੱਥੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਗਾਲ੍ਹਾਂ ਕੱਢ ਕੇ ਸਕਸੈਨਾ ਦਿੱਲੀ ਦੇ ਦੋ ਕਰੋੜ ਲੋਕਾਂ ਦੇ ਫਤਵੇ ਦਾ ਅਪਮਾਨ ਕਰ ਰਹੇ ਹਨ। ਹਾਲਾਂਕਿ ਉਪ ਰਾਜਪਾਲ ਸਕੱਤਰੇਤ ਦੇ ਸੂਤਰਾਂ ਨੇ ਕਿਹਾ ਕਿ ਸਕਸੈਨਾ ਦੇ ਦਫ਼ਤਰ ਨੂੰ ਦਿੱਲੀ ਸਰਕਾਰ ਵੱਲੋਂ ਇਸ ਪ੍ਰੋਗਰਾਮ ਨੂੰ ਜਾਰੀ ਰੱਖਣ ਦੀ ਇਜਾਜ਼ਤ ਮੰਗਣ ਵਾਲੀ ਕੋਈ ਫਾਈਲ ਨਹੀਂ ਮਿਲੀ ਹੈ।
ਸ੍ਰੀ ਕੇਜਰੀਵਾਲ ਨੇ ਕਿਹਾ, ‘‘ਦਿੱਲੀ ਦੇ ਐੱਲਜੀ ਵੱਲੋਂ ਮੇਰੇ ਪ੍ਰਤੀ ਜੋ ਗਾਲ੍ਹਾਂ ਕੱਢੀਆਂ ਗਈਆਂ ਹਨ, ਉਨ੍ਹਾਂ ਨਾਲ ਮੇਰੇ ਕੋਈ ਮੁੱਦਾ ਨਹੀਂ ਹੈ। ਕੇਜਰੀਵਾਲ ਮਹੱਤਵਪੂਰਨ ਨਹੀਂ ਹਨ ਪਰ ਜਦੋਂ ਉਹ ਦਿੱਲੀ ਦੇ ਮੁੱਖ ਮੰਤਰੀ ਨੂੰ ਗਾਲ੍ਹਾਂ ਕੱਢਦੇ ਹਨ ਤਾਂ ਉਹ ਨਾ ਸਿਰਫ਼ ਮੈਨੂੰ ਗਾਲ੍ਹਾਂ ਕੱਢਦਾ ਹਨ, ਸਗੋਂ ਦੋ ਕਰੋੜ ਲੋਕਾਂ ਦੇ ਵਿਸ਼ਵਾਸ ਦਾ ਅਪਮਾਨ ਕਰ ਰਹੇ ਹਨ, ਜਿਨ੍ਹਾਂ ਨੇ ਮੈਨੂੰ ਵੋਟ ਦਿੱਤਾ, ਜੋ ਕਿ ਸਹੀ ਨਹੀਂ ਹੈ।’ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਲੋਕਾਂ ਨੂੰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੁਹੱਲਾ ਕਲੀਨਿਕਾਂ ਅਤੇ ਸਕੂਲਾਂ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਪਰ ਤੁਹਾਡਾ ਪੁੱਤਰ ਢਾਲ ਬਣ ਕੇ ਖੜ੍ਹਾ ਰਹੇਗਾ।