ਕੇਜਰੀਵਾਲ ਨੇ ਵਿਦਿਆਰਥੀਆਂ ਨੂੰ ਗੁਮਰਾਹ ਕੀਤਾ: Harsh Malhotra
ਕੌਕਰੋਚ ਜਨਤਾ ਪਾਰਟੀ ਦਾ ਅੰਦੋਲਨ ਸਿਆਸਤ ਤੋਂ ਪ੍ਰੇਰਿਤ ਕਰਾਰ
ਦਿੱਲੀ ਭਾਜਪਾ ਦੇ ਪ੍ਰਧਾਨ ਹਰਸ਼ ਮਲਹੋਤਰਾ ਨੇ ਦਾਅਵਾ ਕੀਤਾ ਕਿ ਕੌਕਰੋਚ ਜਨਤਾ ਪਾਰਟੀ ਦਾ ਸਿਆਸੀ ਸੰਪਰਕ ਸਾਹਮਣੇ ਆ ਗਿਆ ਹੈ। ਇਸ ਦੌਰਾਨ ਉਨ੍ਹਾਂ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਵਿਦਿਆਰਥੀਆਂ ਨੂੰ ਭੜਕਾਉਣ ਦਾ ਦੋਸ਼ ਲਾਇਆ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਸ਼ ਮਲਹੋਤਰਾ ਨੇ ਦਾਅਵਾ ਕੀਤਾ ਕਿ ਸਰਕਾਰ ਦੀ ਤੁਰੰਤ ਕਾਰਵਾਈ ਨਾਲ ਨੀਟ ਪੇਪਰ ਲੀਕ ਦਾ ਮਾਮਲਾ ਸੁਲਝਾ ਲਿਆ ਗਿਆ ਸੀ, ਫਿਰ ਵੀ 20 ਜੁਲਾਈ ਨੂੰ ਸੰਸਦ ਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ’ਤੇ ਕੌਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਸ਼ੁਰੂ ਹੋ ਗਿਆ। ਮਲਹੋਤਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਸ ਮਾਮਲੇ ਨੂੰ ਸਰਗਰਮੀ ਨਾਲ ਸੁਲਝਾਇਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮਗਰੋਂ ਪ੍ਰੀਖਿਆ ਕਰਵਾਈ ਗਈ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ, ਵਿਦਿਆਰਥੀਆਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਕਿ ਕੌਕਰੋਚ ਜਨਤਾ ਪਾਰਟੀ ਦੇ ਅੰਦੋਲਨ ਦੀ ਅਸਲੀਅਤ ਬਹੁਤ ਜਲਦੀ ਸਾਹਮਣੇ ਆ ਗਈ, ਕਿਉਂਕਿ ਇਹ ਵਿਰੋਧੀ ਧਿਰ ਦੀ ਕਥਿਤ ‘ਬੀ’ ਟੀਮ ਦਾ ਅੰਦੋਲਨ ਨਿਕਲਿਆ। ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਸਾਲਾਂ ਤੋਂ ਪ੍ਰਸ਼ਨ ਪੱਤਰ ਲੀਕ ਹੋਣ ਦੀਆਂ ਘਟਨਾਵਾਂ ਹੁੰਦੀਆਂ ਰਹੀਆਂ ਹਨ ਅਤੇ ਉਨ੍ਹਾਂ ਨੂੰ ਰੋਕਣ ਲਈ ਕੋਈ ਕਦਮ ਨਹੀਂ ਚੁੱਕੇ ਗਏ, ਪਰ ਮੋਦੀ ਸਰਕਾਰ ਨੇ ਅਜਿਹੀਆਂ ਘਟਨਾਵਾਂ ’ਤੇ ਰੋਕ ਲਾ ਦਿੱਤੀ। ਸੂਦ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਸ ਮੁੱਦੇ ’ਤੇ ਧਿਆਨ ਦਿੱਤਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਜ਼ਰੂਰੀ ਸੁਧਾਰ ਕੀਤੇ ਹਨ।

