ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਨਵੰਬਰ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸਿੱਖਿਆ ਨੂੰ ਹੇਠਲੇ ਪੱਧਰ ਤੱਕ ਪਹੁੰਚਾ ਦਿੱਤਾ ਹੈ। ਜਿੱਥੇ ਇੱਕ ਪਾਸੇ ਕਾਂਗਰਸ ਦੇ ਰਾਜ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਵੱਡੀ ਘਾਟ ਹੈ, ਉੱਥੇ ਹੀ ਦੂਜੇ ਪਾਸੇ ਕੇਜਰੀਵਾਲ ਸਰਕਾਰ ਨੇ ਨੌਵੀਂ ਅਤੇ ਦਸਵੀਂ ਜਮਾਤ ਦੇ ਗਰੀਬ ਵਿਦਿਆਰਥੀਆਂ ਤੋਂ ਤਰੱਕੀ ਦਾ ਹੱਕ ਖੋਹ ਕੇ ਉਨ੍ਹਾਂ ਦਾ ਭਵਿੱਖ ਹਨੇਰੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ ਤੇ ਗੋਆ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਦੀ ਗੱਲ ਕਰਨ ਵਾਲੇ ਅਰਵਿੰਦ ਕੇਜਰੀਵਾਲ ਸਪੱਸ਼ਟ ਕਰ ਸਕਦੇ ਹਨ ਕਿ ਉਨ੍ਹਾਂ ਨੇ ਆਪਣੇ 7 ਸਾਲਾਂ ਦੇ ਕਾਰਜਕਾਲ ਦੌਰਾਨ ਦਿੱਲੀ ਵਿੱਚ ਕਿੰਨੇ ਨਵੇਂ ਸਕੂਲ ਬਣਾਏ ਹਨ? ਅਨਿਲ ਕੁਮਾਰ ਨੇ 250 ਸਕੂਲਾਂ ਦੀ ਸੂਚੀ ਜਾਰੀ ਕਰਨ ‘ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਤੇ ਸਿੱਖਿਆ ਦਾ ਮਾਡਲ ਬਣਾਉਣ ਦੀ ਗੱਲ ਕੀ ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਸਕੂਲ ਕਾਂਗਰਸ ਦੇ ਸਮੇਂ ਦੇ ਹਨ? ਉਨ੍ਹਾਂ ਕਿਹਾ ਕਿ ਸਿੱਖਿਆ ਦੀ ਗੁਣਵੱਤਾ ਦੀ ਗੱਲ ਕਰਨ ਵਾਲੇ ਸਿਸੋਦੀਆ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਸਮਰੱਥਾ ਨੂੰ ਪੂਰਾ ਕਿਉਂ ਨਹੀਂ ਕਰਦੇ। ਕਿਉਂਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 69 ਫੀਸਦੀ 732 ਪ੍ਰਿੰਸੀਪਲ, 26 ਫੀਸਦੀ ਵਾਈਸ ਪ੍ਰਿੰਸੀਪਲ ਅਤੇ 41.62 ਫੀਸਦੀ 30427 ਅਧਿਆਪਕਾਂ ਅਤੇ 4.79 ਫੀਸਦੀ 4332 ਗੈਰ-ਅਧਿਆਪਨ ਸਟਾਫ ਦੀਆਂ ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਵਿੱਚ ਆਮ ਆਦਮੀ ਪਾਰਟੀ ਨੇ ਠੇਕਾ ਅਧਿਆਪਕਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਕੋਵਿਡ ਮਹਾਮਾਰੀ ਲੌਕਡਾਊਨ ਦੌਰਾਨ ਉਨ੍ਹਾਂ ਨੂੰ 7 ਸਾਲਾਂ ਵਿੱਚ ਪੱਕੇ ਕਰਨ ਦੀ ਬਜਾਏ ਉਨ੍ਹਾਂ ਨੂੰ ਘਰ ਬੈਠਾ ਦਿੱਤਾ।