ਆਤਿਸ਼ ਗੁਪਤਾ
ਚੰਡੀਗੜ੍ਹ, 27 ਅਕਤੂਬਰ
ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਸੂਬੇ ’ਚ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਤੇ 29 ਅਕਤੂਬਰ ਨੂੰ ਪੰਜਾਬ ਵਿਚ ਹੋਣਗੇ ਅਤੇ ਇਸ ਦੌਰਾਨ ਕਿਸਾਨਾਂ ਤੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ। ਕੇਜਰੀਵਾਲ 28 ਅਕਤੂਬਰ ਨੂੰ ਬਾਅਦ ਦੁਪਹਿਰ ਮਾਨਸਾ ਪਹੁੰਚਣਗੇ ਜਿੱਥੇ ਕਿਸਾਨਾਂ ਦੇ ਨਾਲ ਮੀਟਿੰਗ ਕਰਨਗੇ। ਮੀਟਿੰਗ ਵਿੱਚ ਉਹ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀ ਨੁਕਸਾਨੀ ਗਈ ਫ਼ਸਲ ਬਾਰੇ ਗੱਲਬਾਤ ਕਰਨਗੇ। 29 ਅਕਤੂਬਰ ਨੂੰ ਉਹ ਬਠਿੰਡਾ ’ਚ ਵਪਾਰੀਆਂ ਨਾਲ ਮੀਟਿੰਗ ਕਰਨਗੇ। ਇਸ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਕਾਰਨ ਵਪਾਰ ’ਤੇ ਪੈ ਰਹੇ ਅਸਰ ਬਾਰੇ ਗੱਲਬਾਤ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨਾਲ ਮੀਟਿੰਗਾਂ ਵੀ ਕਰਨਗੇ। ਦੱਸਣਯੋਗ ਹੈ ਕਿ ‘ਆਪ’ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਨਿਸ਼ਾਨਾ ਬਣਾ ਰਹੀ ਹੈ। ਪੰਜਾਬ ਵਿਚ ‘ਦਿੱਲੀ ਮਾਡਲ’ ਦਾ ਵੀ ਵੱਡੇ ਪੱਧਰ ’ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਕੇਜਰੀਵਾਲ ਹਰ 15 ਦਿਨਾਂ ਬਾਅਦ ਪੰਜਾਬ ਦਾ ਦੌਰਾ ਕਰ ਕੇ ਲੋਕਾਂ ’ਚ ਨਵੀਂ ਲਹਿਰ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਪਾਰਟੀ ਦੇ ਸਮਾਗਮਾਂ ਵਿੱਚੋਂ ਗੈਰਹਾਜ਼ਰ ਰਹਿਣਾ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ।