ਕੇਜਰੀਵਾਲ ਨੇ ਗੁਜਰਾਤ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ; ‘ਆਪ’ ਵਰਕਰਾਂ ’ਤੇ ਦਰਜ FIRs ਦਾ ਚੁੱਕਿਆ ਮੁੱਦਾ
ਸਥਾਨਕ ਚੋਣਾਂ ਤੋਂ ਪਹਿਲਾਂ 10,000 ਵਰਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਾਜ਼ਿਸ਼ ਦਾ ਲਾਇਆ ਦੋਸ਼
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਪੱਤਰ ਲਿਖ ਕੇ ਸਥਾਨਕ ਚੋਣਾਂ ਤੋਂ ਪਹਿਲਾਂ ਪਾਰਟੀ ਵਰਕਰਾਂ ਵਿਰੁੱਧ ਦਰਜ ਕੀਤੀਆਂ ਗਈਆਂ FIRs ਦਾ ਮੁੱਦਾ ਚੁੱਕਿਆ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ 145 ਮਾਮਲੇ ਦਰਜ ਕੀਤੇ ਗਏ ਹਨ ਅਤੇ 160 ਤੋਂ ਵੱਧ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਚੋਣਾਂ ਵਿੱਚ ਪਾਰਟੀ ਨੂੰ ਰੋਕਣ ਲਈ ਲਗਭਗ 10,000 ਵਰਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਕੇਜਰੀਵਾਲ ਨੇ ਮੁੱਖ ਮੰਤਰੀ ਪਟੇਲ ਤੋਂ ਤੁਰੰਤ ਮੁਲਾਕਾਤ ਦਾ ਸਮਾਂ ਮੰਗਿਆ ਹੈ ਅਤੇ ਕਿਹਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਇਸ ਮੁੱਦੇ ’ਤੇ ਚਰਚਾ ਕਰਨਾ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਖੰਭਾਲੀਆ, ਪੋਰਬੰਦਰ ਅਤੇ ਜਾਮਨਗਰ ਵਰਗੇ ਇਲਾਕਿਆਂ ਵਿੱਚ ਜਾਣਬੁੱਝ ਕੇ ‘ਆਪ’ ਵਰਕਰਾਂ ’ਤੇ ਹਮਲੇ ਕਰਵਾਏ ਗਏ ਅਤੇ ਬਾਅਦ ਵਿੱਚ ਉਨ੍ਹਾਂ ’ਤੇ ਹੀ ਇਰਾਦਾ-ਏ-ਕਤਲ (ਧਾਰਾ 307) ਵਰਗੀਆਂ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਕਰ ਦਿੱਤੇ ਗਏ। ਕੇਜਰੀਵਾਲ ਨੇ ਭਾਜਪਾ ਸਰਕਾਰ ’ਤੇ ਪੁਲੀਸ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਲਾਉਂਦਿਆਂ ਪੰਜਾਬ ਦੀ ਮਿਸਾਲ ਦਿੱਤੀ, ਜਿੱਥੇ ਉਨ੍ਹਾਂ ਅਨੁਸਾਰ ਵਿਰੋਧੀਆਂ ਖਿਲਾਫ ਅਜਿਹੀ ਕਾਰਵਾਈ ਨਹੀਂ ਕੀਤੀ ਜਾਂਦੀ।

