ਨਵੀਂ ਦਿੱਲੀ, 18 ਨਵੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਦਿ ਗਰੇਟ ਖਲੀ’ ਦੇ ਨਾਂ ਨਾਲ ਮਸ਼ਹੂਰ ਡਬਲਿਊਡਬਲਿਊਈ ਦੇ ਪਹਿਲਵਾਨ ਦਲੀਪ ਸਿੰਘ ਰਾਣਾ ਨਾਲ ਮੁਲਾਕਾਤ ਕੀਤੀ। ਅਧਿਕਾਰਤ ਤੌਰ ’ਤੇ ਜਾਰੀ ਹੋਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਖਲੀ ਨੇ ਨਾ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੌਮੀ ਰਾਜਧਾਨੀ ’ਚ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਬਲਕਿ ਭਵਿੱਖ ’ਚ ਸਰਕਾਰ ਨੂੰ ਸਹਿਯੋਗ ਦੇਣ ਦੀ ਇੱਛਾ ਵੀ ਜ਼ਾਹਿਰ ਕੀਤੀ।
ਉਨ੍ਹਾਂ ਨਾਲ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਵੀ ਸਨ। ਕੇਜਰੀਵਾਲ ਨੇ ਟਵੀਟ ਕੀਤਾ, ‘ਅੱਜ ਮੈਂ ਪਹਿਲਵਾਨ ਦਿ ਗਰੇਟ ਖਲੀ, ਜਿਸ ਨੇ ਭਾਰਤ ਦਾ ਨਾਂ ਸਾਰੀ ਦੁਨੀਆ ’ਚ ਰੌਸ਼ਨ ਕੀਤਾ, ਨਾਲ ਮੁਲਾਕਾਤ ਕੀਤੀ ਹੈ। ਉਸ ਨੇ ਦਿੱਲੀ ’ਚ ਬਿਜਲੀ, ਪਾਣੀ, ਸਕੂਲ ਤੇ ਹਸਪਤਾਲਾਂ ਸਬੰਧੀ ਕੀਤੇ ਕੰਮਾਂ ਨੂੰ ਪਸੰਦ ਕੀਤਾ ਹੈ।’ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਖਲੀ ਨੇ ਮੁੱਖ ਮੰਤਰੀ ਨਾਲ ਗੱਲਬਾਤ ਦੌਰਾਨ ਦਿੱਲੀ ਦੇ ਵਿਕਾਸ ਮਾਡਲ ਦਾ ਬਾਕੀ ਦੇਸ਼ ਨਾਲ ਮੁਕਾਬਲਾ ਕੀਤਾ ਤੇ ਕਿਹਾ ਕਿ ਉਸ ਨੂੰ ਕੌਮੀ ਰਾਜਧਾਨੀ ’ਚ ਹੋਏ ਕੰਮ ਦੇਖ ਕੇ ਮਾਣ ਮਹਿਸੂਸ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਖਲੀ ਨੇ ਸਮਾਜ ਦੀ ਭਲਾਈ ਲਈ ਕੇਜਰੀਵਾਲ ਸਰਕਾਰ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿੱਤਾ ਹੈ। ਇਹ ਮੀਟਿੰਗ ਅਗਲੇ ਸਾਲ ਪੰਜਾਬ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹੈ। -ਪੀਟੀਆਈ