ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਅਗਸਤ
ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿੱਚ ਪਤੰਗ ਉਡਾਉਣ ’ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਇੱਕ ਸੱਭਿਆਚਾਰਕ ਗਤੀਵਿਧੀ ਹੈ, ਸਰਕਾਰ ਅਤੇ ਪੁਲੀਸ ਨੂੰ ਪਤੰਗ ਉਡਾਉਣ ਲਈ ਵਰਤੇ ਜਾਣ ਵਾਲੇ ਚੀਨੀ ਸਿੰਥੈਟਿਕ ਮਾਂਝੇ ਦੀ ਵਿਕਰੀ ’ਤੇ ਪਾਬੰਦੀ ਲਗਾਉਣ ਵਾਲੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਤੇ ਜਸਟਿਸ ਸੁਬਰਾਮੋਨੀਅਮ ਪ੍ਰਸਾਦ ਦੇ ਬੈਂਚ ਨੇ ਨੋਟ ਕੀਤਾ ਕਿ ਐਨਜੀਟੀ ਨੇ ਚੀਨੀ ਸਿੰਥੈਟਿਕ ਮਾਂਝੇ ’ਤੇ ਪਹਿਲਾਂ ਹੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ ਤੇ ਇੱਥੋਂ ਤੱਕ ਕਿ ਦਿੱਲੀ ਪੁਲੀਸ ਵੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਰਹੀ ਹੈ ਤੇ ਉਲੰਘਣਾ ਕਰਨ ਵਿਰੁੱਧ ਕਾਰਵਾਈ ਵੀ ਕਰ ਰਹੀ ਹੈ। ਪਟੀਸ਼ਨ ਦਾ ਨਿਪਟਾਰਾ ਕਰਨ ਵਾਲੇ ਬੈਂਚ ਨੇ ਕਿਹਾ ਕਿ ਪਤੰਗ ਉਡਾਉਣ ’ਤੇ ਪਾਬੰਦੀ ਨਹੀਂ ਲਗਾਈ ਜਾ ਸਕਦੀ।