ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਜੁਲਾਈ
ਦਿੱਲੀ ਦੀ ਸਿੱਖ ਸਿਆਸਤ ਵਿੱਚ ਉਦੋਂ ਵੱਡਾ ਧਮਾਕਾ ਹੋਇਆ ਤੇ ‘ਜਾਗੋ’ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀ ਕੇ ਨੂੰ ਵੱਡਾ ਝਟਕਾ ਲੱਗਿਆ, ਜਦੋਂ ਜਾਗੋ ਪਾਰਟੀ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਪਾਰਟੀ ਪ੍ਰਧਾਨ ਐਮ ਪੀ ਐਸ ਚੱਢਾ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਵਿੱਚ ਸ਼ਾਮਲ ਹੋ ਗਏ। ਕੁਲਵਿੰਦਰ ਸਿੰਘ ਦਾ ਲੋਕਾਂ ਵਿੱਚ ਵੱਡਾ ਆਧਾਰ ਹੈ, ਜਿਨ੍ਹਾਂ ਨੇ ਜਾਗੋ ਪਾਰਟੀ ਵੱਲੋਂ ਵਾਰਡ ਨੰਬਰ 44 ਤੋਂ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵੀ ਲੜੀਆਂ ਸਨ। ਸੁਖਬੀਰ ਸਿੰਘ ਕਾਲੜਾ, ਆਤਮਾ ਸਿੰਘ ਲੁਬਾਣਾ ਤੇ ਹੋਰ ਆਗੂ ਵੀ ਇਸ ਮੌਕੇ ਹਾਜ਼ਰ ਸਨ। ਐੱਮਪੀਐਸ ਚੱਢਾ ਨੇ ਸਿਰੋਪਾਓ ਦੇ ਕੇ ਸਭ ਨੂੰ ਪਾਰਟੀ ਵਿੱਚ ਜੀ ਆਇਆਂ ਕਿਹਾ। ਸ੍ਰੀ ਕਾਲਕਾ ਨੇ ਕਿਹਾ ਕਿ ਉਨ੍ਹਾਂ ਦੇ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜਲਦੀ ਹੀ ਕੁਲਵਿੰਦਰ ਸਿੰਘ ਨੁੰ ਪਾਰਟੀ ਤੇ ਦਿੱਲੀ ਕਮੇਟੀ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੁਲਵਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਟੀਮ ਜਿਹੜੀ ਗੀਤਾ ਕਲੌਨੀ ਏਰੀਆ ਤੇ ਗੁਰੂ ਰਾਮਦਾਸ ਨਗਰ ਇਲਾਕੇ ਵਿੱਚ ਵੱਡੀ ਸੇਵਾ ਨਿਭਾ ਰਹੀ ਹੈ, ਉਹ ਵੀ ਦਲ ਵਿੱਚ ਸ਼ਾਮਲ ਹੋਈ ਹੈ। ਗੁਰਮੀਤ ਸਿੰਘ ਬੇਦੀ ਗੀਤ ਕਲੋਨੀ ਨੇ ਕਿਹਾ ਕਿ ਨੌਜਵਾਨ ਪੀੜੀ ਵੱਡੀ ਗਿਣਤੀ ਵਿੱਚ ਇਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਕੁਲਵਿੰਦਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀ ਲੀਡਰਸ਼ਿਪ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਕਰੋਨਾ ਵੇਲੇ ਜੋ ਸੇਵਾ ਦਿੱਲੀ ਕਮੇਟੀ ਨੇ ਕੀਤੀ, ਉਹ ਆਪਣੇ ਆਪ ਵਿੱਚ ਮਿਸਾਲ ਹੈ।