ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਦਸੰਬਰ
ਕ੍ਰਾਂਤੀਕਾਰੀ ਯੁਵਾ ਸੰਗਠਨ (ਕੇਵਾਈਐਸ) ਨੇ ਉੱਤਰਾਖੰਡ ਦੇ ਚੰਪਾਵਤ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਦੇ ਜਾਤੀਵਾਦੀ ਰਵੱਈਏ ਦੀ ਸਖ਼ਤ ਨਿੰਦਾ ਕੀਤੀ ਹੈ। ‘ਕੇਵਾਈਐੱਸ’ ਨੇ ਕਿਹਾ ਕਿ ਚੰਪਾਵਤ ਦੇ ਇੱਕ ਸਰਕਾਰੀ ਸਕੂਲ ਵਿੱਚੋਂ ਦਲਿਤ ਭੋਜਨ ਕਰਨ ਵਾਲੀ ਮਾਂ ਸੁਨੀਤਾ ਦੇਵੀ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਕਿ ਉੱਚ ਜਾਤੀ ਦੇ ਵਿਦਿਆਰਥੀਆਂ ਨੇ ਉਸ ਵੱਲੋਂ ਬਣਾਇਆ ‘ਮਿਡ-ਡੇ-ਮੀਲ’ ਖਾਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਪਾਵਤ ਦੇ ਮੁੱਖ ਸਿੱਖਿਆ ਅਧਿਕਾਰੀ ਨੇ ਉਨ੍ਹਾਂ ਨੂੰ ਹਟਾਉਣ ਲਈ ਕਥਿਤ ਦਲੀਲ ਦਿੱਤੀ ਕਿ ਉਨ੍ਹਾਂ ਦੀ ਨਿਯੁਕਤੀ ਮਾਪਦੰਡਾਂ ਦੇ ਆਧਾਰ ‘ਤੇ ਨਹੀਂ ਕੀਤੀ ਗਈ ਸੀ ਤੇ ਇਸ ਲਈ ਉੱਚ ਅਧਿਕਾਰੀਆਂ ਦੀ ਇਜਾਜ਼ਤ ਵੀ ਨਹੀਂ ਲਈ ਗਈ ਸੀ। ਇਸ ਤੋਂ ਇਲਾਵਾ ਨਵੀਂ ਭੋਜਨਮਾਤਾ ਦੀ ਨਿਯੁਕਤੀ ਤੱਕ ਸਕੂਲ ਵਿੱਚ ਭੋਜਨ ਬ੍ਰਾਹਮਣ ਭੋਜਨਮਾਤਾ ਦੁਆਰਾ ਪਕਾਇਆ ਜਾਵੇਗਾ। ਕੇਵਾਈਐੱਸ ਨੇ ਕਿਹਾ ਕਿ ਦਲਿਤ ਭਾਈਚਾਰੇ ਨਾਲ ਵਿਤਕਰਾ ਜਾਰੀ ਹੈ। ਇਸ ਦੇ ਨਾਲ ਹੀ ਇਹ ਭਾਜਪਾ ਸ਼ਾਸਿਤ ਰਾਜਾਂ ਵਿੱਚ ਫੈਲੇ ਜਾਤੀਵਾਦ ‘’ਤੇ ਰੌਸ਼ਨੀ ਪਾਉਂਦਾ ਹੈ। ਸਦੀਆਂ ਪੁਰਾਣੇ ਵਿਤਕਰੇ ਨੂੰ ਰੋਕਣ ਦੀ ਬਜਾਏ ਸਰਕਾਰ ਇਸ ਨੂੰ ਕਾਇਮ ਰੱਖਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਕੇਵਾਈਐਸ ਨੇ ਮੰਗ ਕੀਤੀ ਕਿ ਸੁਨੀਤਾ ਦੇਵੀ ਨੂੰ ਨੌਕਰੀ ਤੋਂ ਕੱਢਣ ਵਿੱਚ ਸ਼ਾਮਲ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਹੋਰ ਸਾਰੇ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕੂ) ਐਕਟ ਤਹਿਤ ਕੇਸ ਦਰਜ ਕੀਤਾ ਜਾਵੇ। ਇਸ ਤੋਂ ਇਲਾਵਾ ਸੁਨੀਤਾ ਦੇਵੀ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ‘ਤੇ ਬਹਾਲ ਕੀਤਾ ਜਾਵੇ। ਕੇਵਾਈਐਸ ਆਉਣ ਵਾਲੇ ਦਿਨਾਂ ਵਿੱਚ ਜਾਤੀਵਾਦੀ ਭਾਜਪਾ ਸਰਕਾਰ ਵਿਰੁੱਧ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।