ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 29 ਨਵੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਚੱਲੋ ਅੰਦੋਲਨ ਤਹਿਤ ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਡਟੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਨੂੰ ਹੋਰ ਰਾਜਾਂ ਨਾਲ ਜੋੜਨ ਵਾਲੇ ਪੰਜ ਮੁੱਖ ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਵੱਲੋਂ ਸਿੰਘੂ ਤੇ ਟੀਕਰੀ ਬਾਰਡਰ ਤਾਂ ਪਹਿਲਾਂ ਹੀ ਬੰਦ ਕੀਤੇ ਹੋਏ ਹਨ ਹੁਣ ਉਨ੍ਹਾਂ ਨੇ ਦਿੱਲੀ ਜੈਪੁਰ ਹਾਈਵੇਅ ਧਾਰੂਹੇੜਾ, ਦਿੱਲੀ ਗਾਜ਼ੀਆਬਾਦ ਹਾਪੁੜ ਤੇ ਮਥੁਰਾ ਹਾਈਵੇਅ ਦਾ ਬੱਲਬਗੜ੍ਹ ’ਤੇ ਲਗਾਤਾਰ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਬੁਰਾੜੀ ਜਾਣ ਦਾ ਦਿੱਤਾ ਸੱਦਾ ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਰੱਦ ਕਰ ਦਿੱਤਾ। ਸੱਦੇ ’ਤੇ ਫ਼ੈਸਲਾ ਕਰਨ ਲਈ ਪੰਜ ਕਿਸਾਨ ਆਗੂਆਂ ਦੀ ਕਮੇਟੀ ਬਣਾਈ ਗਈ ਸੀ। ਬੁਰਾੜੀ ਵਿੱਚ 60 ਦੇ ਕਰੀਬ ਜਿਹੜੀਆਂ ਟਰਾਲੀਆਂ ਭੇਜੀਆਂ ਗਈਆਂ ਸਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਇਹ ਫ਼ੈਸਲਾ ਵੀ ਕੀਤਾ ਗਿਆ ਹੈ ਕਿ ਇਸ ਅੰਦੋਲਨ ਦੀ ਅਗਵਾਈ ਪੰਜਾਬ ਦੀਆਂ 30 ਜਥੇਬੰਦੀਆਂ ਕਰਨਗੀਆਂ। ਇਸ ਮੌਕੇ ਸਮਾਜਸੇਵੀ ਮੇਧਾ ਪਾਟਕਰ ਨੇ ਸਿੰਘੂ ਬਾਰਡਰ ’ਤੇ ਆ ਕੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ।