
ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਫਰਵਰੀ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਲੀ ਨਗਰ ਪਰਿਸ਼ਦ (ਐੱਨਡੀਐੱਮਸੀ) ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਪੱਤਰ ਰਾਹੀਂ ਕੇਜਰੀਵਾਲ ਨੇ ਕਿਹਾ ਕਿ ਗਰੁੱਪ ਸੀ ਭਰਤੀ ਨਿਯਮਾਂ ਦੀ ਛੇਤੀ ਪ੍ਰਵਾਨਗੀ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣ ਤਾਂ ਜੋ ਐੱਨਡੀਐੱਮਸੀ ਵਿੱਚ ਲਗਪਗ 4500 ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਗਰੁੱਪ ਸੀ ਭਰਤੀ ਨਿਯਮਾਂ ਦੀ ਛੇਤੀ ਪ੍ਰਵਾਨਗੀ ਦਾ ਪ੍ਰਸਤਾਵ ਕਈ ਵਾਰ ਭੇਜਿਆ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਅਜੇ ਤੱਕ ਪੂਰੀ ਨਹੀਂ ਹੋਈ। ਕੱਚੇ ਮੁਲਾਜ਼ਮਾਂ ਨੂੰ ਮਾਮੂਲੀ ਤਨਖਾਹ ਨਾਲ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਇਨ੍ਹਾਂ ਮੁਲਾਜ਼ਮਾਂ ਨੂੰ ਇਨਸਾਨੀਅਤ ਦੇ ਆਧਾਰ ’ਤੇ ਪੱਕਾ ਕੀਤਾ ਜਾਵੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਵਿੱਚ ਕਿਹਾ, ‘‘ਮੈਂ ਤੁਹਾਨੂੰ 22 ਮਾਰਚ 2022 ਨੂੰ ਬੇਨਤੀ ਕੀਤੀ ਸੀ ਕਿ ਗਰੁੱਪ ਸੀ ਭਰਤੀ ਨਿਯਮਾਂ ਦੀ ਜਲਦੀ ਪ੍ਰਵਾਨਗੀ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣ।’’ ਉਨ੍ਹਾਂ ਕਿਹਾ ਕਿ ਇਨ੍ਹਾਂ ਟੀਐੱਮਆਰ ਅਤੇ ਆਰਐੱਮਆਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਐੱਨਡੀਐੱਮਸੀ ਦੀ ਲੰਮੇ ਸਮੇਂ ਤੋਂ ਲਟਕ ਰਹੀ ਸ਼ਿਕਾਇਤ ਦਾ ਅਜੇ ਤੱਕ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਐੱਨਡੀਐਮਸੀ ਨੇ 23 ਨਵੰਬਰ, 2022 ਨੂੰ ਇੱਕ ਰੀਮਾਈਂਡਰ ਵੀ ਭੇਜਿਆ ਹੈ ਪਰ ਗਰੁੱਪ ਸੀ ਭਰਤੀ ਨਿਯਮਾਂ ਨੂੰ ਅਜੇ ਤੱਕ ਗ੍ਰਹਿ ਮੰਤਰਾਲੇ ਦੁਆਰਾ ਮਨਜ਼ੂਰੀ ਨਹੀਂ ਦਿੱਤੀ ਗਈ। ਮੁਲਾਜ਼ਮਾਂ ਨੇ ਕਈ ਵਾਰ ਮੁੱਖ ਮੰਤਰੀ ਨੂੰ ਮਿਲ ਕੇ ਰੈਗੂਲਰ ਕਰਨ ਦੀ ਮੰਗ ਕੀਤੀ ਸੀ, ਜਿਸ ’ਤੇ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ