ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਸਤੰਬਰ
ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਤੇ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਵਿੱਚ ਹੋਇਆ ਭ੍ਰਿਸ਼ਟਾਚਾਰ ਸਭ ਦੇ ਸਾਹਮਣੇ ਆ ਗਿਆ ਹੈ। ਇਸ ਲਈ ਭਲਕੇ ਮੰਗਲਵਾਰ ਨੂੰ ਭਾਜਪਾ ਦੇ ਸਾਰੇ ਵਿਧਾਇਕ, ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣ ਲਈ ਵਿਜੈ ਚੌਕ ਤੋਂ ਪੈਦਲ ਜਾਣਗੇ ਅਤੇ ਉਨ੍ਹਾਂ ਨੂੰ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਲਈ ਮੰਗ ਪੱਤਰ ਸੌਂਪਿਆ ਜਾਵੇਗਾ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਰਾਬ, ਸਿੱਖਿਆ ਅਤੇ ਟਰਾਂਸਪੋਰਟ ਸਮੇਤ ਦਿੱਲੀ ਜਲ ਬੋਰਡ ਵਿੱਚ ਹੋਏ ਘਪਲੇ ਦੀ ਜਾਂਚ ਚੱਲ ਰਹੀ ਹੈ, ਜਿਸ ਦਾ ਖੁਲਾਸਾ ਵੀ ਜਲਦੀ ਹੀ ਕੀਤਾ ਜਾਵੇਗਾ। ਆਦੇਸ਼ ਗੁਪਤਾ ਨੇ ਕਿਹਾ ਕਿ ਅੱਜ ਜਦੋਂ ਸਟਿੰਗ ਰਾਹੀਂ ਮਨੀਸ਼ ਸਿਸੋਦੀਆ ਦੀਆਂ ਹਰਕਤਾਂ ਦਾ ਪਰਦਾਫਾਸ਼ ਹੋਇਆ ਤਾਂ ਉਹ ਹੁਣ ਪੱਤਰਕਾਰਾਂ ਦੇ ਸਵਾਲਾਂ ਤੋਂ ਭੱਜ ਰਹੇ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਭੱਜਣ ਨਾਲ ਹੁਣ ਕੁੱਝ ਨਹੀਂ ਹੋਵੇਗਾ। ਜਦੋਂ ਤੱਕ ਉਹ ਇਸ ਭ੍ਰਿਸ਼ਟਾਚਾਰ ਨੂੰ ਸਵੀਕਾਰ ਨਹੀਂ ਕਰਦੇ ਉਦੋਂ ਤੱਕ ਭਾਜਪਾ ਅਤੇ ਦਿੱਲੀ ਦੇ ਲੋਕ ਉਨ੍ਹਾਂ ਤੋਂ ਕਥਿਤ ਭ੍ਰਿਸ਼ਟਾਚਾਰ ਬਾਰੇ ਸਵਾਲ ਪੁੱਛਦੇ ਰਹਿਣਗੇ। ਅੱਜ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਦੇਸ਼ ਗੁਪਤਾ ਨੇ ਕਿਹਾ ਕਿ ਕੁਲਵਿੰਦਰ ਮਰਵਾਹ ਸ਼ਰਾਬ ਦਾ ਵੱਡਾ ਵਪਾਰੀ ਹੈ ਅਤੇ ਸਿਸੋਦੀਆ ਨੇ ਉਸ ਤੋਂ ਕਥਿਤ ਮੋਟਾ ਕਮਿਸ਼ਨ ਲੈ ਕੇ ਕਈ ਸ਼ਰਾਬ ਦੇ ਠੇਕਿਆਂ ਦੇ ਲਾਇਸੈਂਸ ਦਿੱਤੇ ਹਨ। ਇਸ ਦੌਰਾਨ ਭਾਜਪਾ ਆਗੂਆਂ ਨੇ ਦਿੱਲੀ ਦੇ ਸਾਰੇ ਸ਼ਰਾਬ ਦੇ ਠੇਕੇਦਾਰਾਂ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਮਿਲ ਕੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਲੜਨੀ ਚਾਹੀਦੀ ਹੈ। ਸ੍ਰੀ ਗੁਪਤਾ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਵਿੱਚ ਸ਼ਰਾਬ ਮਾਫੀਆ ਦੀ ਮਿਲੀਭੁਗਤ ਹੁਣ ਪੂਰੀ ਤਰ੍ਹਾਂ ਸਪੱਸ਼ਟ ਹੋ ਗਈ ਹੈ। ਨਸ਼ਾਖੋਰੀ, ਬੇਈਮਾਨੀ, ਲੁੱਟ ਅਤੇ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਮਿਸਾਲ ਦਿੱਲੀ ਵਿੱਚ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ‘ਤੇ ਕੇਜਰੀਵਾਲ ਦੇ ਗੁਰੂ ਅੰਨਾ ਹਜ਼ਾਰੇ ਵੀ ਕੇਜਰੀਵਾਲ ਦੇ ਕਥਿਤ ਭ੍ਰਿਸ਼ਟਾਚਾਰ ਦੇ ਕਾਰਨਾਮੇ ‘ਤੇ ਉੱਚੀ-ਉੱਚੀ ਰੋਣਗੇ ਕਿਉਂਕਿ ਜਿਹੜੇ ਲੋਕ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਵਿਰੋਧ ਕਰਦੇ ਸਨ, ਅੱਜ ਸ਼ਰਾਬ ਦੇ ਠੇਕਿਆਂ ਰਾਹੀਂ ਕਰੋੜਾਂ ਰੁਪਏ ਦਾ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਦੇ ਆਗੂ ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਵਿੱਚ ਜਿਸ ਤਰ੍ਹਾਂ ਦਾ ਭ੍ਰਿਸ਼ਟਾਚਾਰ ਹੋਇਆ ਹੈ, ਉਹ ਸਭ ਦੇ ਸਾਹਮਣੇ ਆ ਗਿਆ ਹੈ।