ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਵਿੱਚ ਆਪਣੇ ਘਰ ਅੱਗੇ ਕਾਰ ਪਾਰਕਿੰਗ ਨੂੰ ਲੈ ਕੇ ਆਪਣੇ ਭਰਾ ਨਾਲ ਹੋਏ ਝਗੜੇ ਮਗਰੋਂ ਕਥਿਤ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ 38 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੇ ਰਾਤ ਲਗਪਗ 1:15 ਵਜੇ ਵਾਪਰੀ ਅਤੇ ਮੁਲਜ਼ਮ ਦੀ ਪਛਾਣ ਮੁਹੰਮਦ ਸ਼ਾਹਿਦ ਵਜੋਂ ਹੋਈ ਹੈ।
ਪੁਲੀਸ ਦੇ ਅਨੁਸਾਰ, ਸ਼ਿਕਾਇਤਕਰਤਾ ਇਮਰਾਨ (33) ਨੇ ਪੁਲੀਸ ਨੂੰ ਦੱਸਿਆ ਕਿ ਉਸਦੇ ਭਰਾ ਨੇ ਸੀਲਮਪੁਰ ਵਿੱਚ ਉਸ ਦੇ ਘਰ ਨੇੜੇ ਆਪਣੀ ਕਾਰ ਖੜ੍ਹੀ ਕੀਤੀ ਸੀ, ਜਿਸ ’ਤੇ ਉਸਨੇ ਇਤਰਾਜ਼ ਜਤਾਇਆ। ਸ਼ਿਕਾਇਤਕਰਤਾ ਨੇ ਕਿਹਾ ਕਿ ਝਗੜਾ ਵੱਧ ਗਿਆ ਅਤੇ ਸ਼ਾਹਿਦ ਨੇ ਕਥਿਤ ਤੌਰ ’ਤੇ ਗੋਲੀ ਚਲਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਉਸਨੇ ਦੱਸਿਆ ਕਿ ਗੋਲੀਬਾਰੀ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਭਾਰਤੀ ਦੰਡ ਸੰਹਿਤਾ (ਆਈ ਪੀ ਸੀ) ਦੀਆਂ ਸਬੰਧਤ ਧਾਰਾਵਾਂ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸਨੇ ਦੱਸਿਆ ਕਿ ਇੱਕ ਫੋਰੈਂਸਿਕ ਟੀਮ ਨੇ ਘਟਨਾ ਸਥਾਨ ਦੀ ਜਾਂਚ ਕੀਤੀ ਅਤੇ ਬੈਲਿਸਟਿਕ ਨਮੂਨਿਆਂ ਸਮੇਤ ਸਬੂਤ ਇਕੱਠੇ ਕੀਤੇ। ਪੁਲੀਸ ਨੇ ਸ਼ਾਹਿਦ ਨੂੰ ਇਲਾਕੇ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀ ਨੇ ਕਿਹਾ ਕਿ ਅਪਰਾਧ ਵਿੱਚ ਵਰਤੇ ਗਏ ਹਥਿਆਰ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਾਂਚ ਚੱਲ ਰਹੀ ਹੈ।

