ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੇਨਕਾ ਗਾਂਧੀ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਫ਼ੈਸਲੇ ਨਾਲ ਆਵਾਰਾ ਕੁੱਤਿਆਂ ਦੀ ਗਿਣਤੀ ਹੋਵੇਗੀ ਕੰਟਰੋਲ: ਮੇਨਕਾ ਗਾਂਧੀ
Advertisement

ਸੁਪਰੀਮ ਕੋਰਟ ਵੱਲੋਂ ਆਵਾਰਾ ਕੁੱਤਿਆਂ ਦੀ ਜਾਂਚ ਅਤੇ ਉਨ੍ਹਾਂ ਦਾ ਟੀਕਾਕਰਨ ਹੋਣ ਮਗਰੋਂ ਕੁੱਤਿਆਂ ਨੂੰ ਉਨ੍ਹਾਂ ਦੇ ਹੀ ਸਥਾਨ ’ਤੇ ਵਾਪਸ ਛੱਡਣ ਦੇ ਫੈਸਲੇ ਦਾ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਸਵਾਗਤ ਕੀਤਾ ਹੈ। ਮੇਨਕਾ ਗਾਂਧੀ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਬਹੁਤ ਉਡੀਕਿਆ ਜਾਣ ਵਾਲਾ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਫ਼ੈਸਲੇ ਤੋਂ ਬਹੁਤ ਸੰਤੁਸ਼ਟ ਹਨ। ਦੱਸਣਯੋਗ ਹੈ ਕਿ ਇਹ ਫ਼ੈਸਲਾ ਜਸਟਿਸ ਵਿਕਰਮ ਨਾਥ ਦੀ ਅਗਵਾਈ ਹੇਠ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਵਿਸ਼ੇਸ਼ ਬੈਂਚ ਨੇ ਸੁਣਾਇਆ ਹੈ। ਸੁਪਰੀਮ ਕੋਰਟ ਨੇ ਆਪਣੇ 11 ਅਗਸਤ ਵਾਲੇ ਫ਼ੈਸਲੇ ਵਿੱਚ ਸੋਧ ਕੀਤੀ ਹੈ, ਜਿਸ ਵਿੱਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਆਵਾਰਾ ਕੁੱਤਿਆਂ ਨੂੰ ਫੜ ਕੇ ਆਸਰਾ ਸਥਾਨਾਂ ’ਤੇ ਛੱਡਿਆ ਜਾਵੇ। ਇਨ੍ਹਾਂ ਨਿਰਦੇਸ਼ਾਂ ਵਿੱਚ ਸੋਧ ਕਰਦਿਆਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਫੜੇ ਗਏ ਆਵਾਰਾ ਕੁੱਤਿਆਂ ਦੀ ਨਸਬੰਦੀ, ਉਨ੍ਹਾਂ ਦਾ ਟੀਕਾਕਰਨ ਅਤੇ ਪੂਰੀ ਜਾਂਚ ਕਰਨ ਮਗਰੋਂ ਕੁੱਤਿਆਂ ਨੂੰ ਉਨ੍ਹਾਂ ਇਲਾਕਿਆਂ ਵਿੱਚ ਹੀ ਵਾਪਸ ਛੱਡਿਆ ਜਾਵੇ ਜਿੱਥੋਂ ਉਨ੍ਹਾਂ ਨੂੰ ਫੜਿਆ ਗਿਆ ਸੀ। ਸੁਪਰੀਮ ਕੋਰਟ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਨਗਰ ਨਿਗਮ ਵੱਲੋਂ ਆਵਾਰਾ ਕੁੱਤਿਆਂ ਲਈ ਭੋਜਨ ਖੁਆਉਣ ਵਾਲੇ ਵਿਸ਼ੇਸ਼ ਪੁਆਇੰਟ ਬਣਾਉਣ, ਜਿੱਥੇ ਲੋਕ ਕੁੱਤਿਆਂ ਨੂੰ ਭੋਜਨ ਖੁਆ ਸਕਣ। ਭਾਜਪਾ ਦੀ ਸਾਬਕਾ ਸੰਸਦ ਮੈਂਬਰ ਮੇਨਕਾ ਗਾਂਧੀ ਨੇ ਕਿਹਾ ਕਿ ਆਵਾਰਾ ਕੁੱਤਿਆਂ ਨੂੰ ਫੜ ਕੇ ਉਨ੍ਹਾਂ ਦੀ ਨਸਬੰਦੀ ਕਰਨ ਮਗਰੋਂ ਉਨ੍ਹਾਂ ਨੂੰ ਕਿਸੇ ਹੋਰ ਜਗ੍ਹਾ ’ਤੇ ਛੱਡਣ ਵਾਲੀ ਪੁਰਾਣੀ ਪ੍ਰਕਿਰਿਆ ਨਾ ਤਾਂ ਕੁੱਤਿਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਵਿੱਚ ਕਾਰਗਰ ਸਾਬਤ ਹੋਈ ਹੈ ਅਤੇ ਨਾ ਹੀ ਕੁੱਤਿਆਂ ਵੱਲੋਂ ਕੱਟੇ ਜਾਣ ਵਾਲੇ ਮਾਮਲਿਆਂ ਨੂੰ ਘੱਟ ਕਰਨ ਵਿੱਚ ਮਦਦ ਮਿਲੀ। ਉਨ੍ਹਾਂ ਕਿਹਾ ਕਿ ਜੇ ਕੁੱਤੇ ਨੂੰ ਕਿਸੇ ਅਣਜਾਣ ਇਲਾਕੇ ਵਿੱਚ ਛੱਡਿਆ ਜਾਂਦਾ ਹੈ ਤਾਂ ਉਹ ਡਰ ਦਾ ਹੈ ਅਤੇ ਫਿਰ ਉਸ ਵੱਲੋਂ ਕੱਟੇ ਜਾਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਨਸਬੰਦੀ ਤੋਂ ਬਾਅਦ ਕੁੱਤਿਆਂ ਨੂੰ ਉਨ੍ਹਾਂ ਦੀ ਅਸਲ ਜਗ੍ਹਾ ’ਤੇ ਵਾਪਸ ਛੱਡਣ ਵਿੱਚ ਹੈ। ਮੇਨਕਾ ਗਾਂਧੀ ਨੇ ਕਿਹਾ ਕਿ ਜੇ ਕੁੱਤਿਆਂ ਦੀ ਗਿਣਤੀ ਕੰਟਰੋਲ ਕਰਨੀ ਹੈ ਤਾਂ ਇਹ ਸਿਰਫ ਨਸਬੰਦੀ ਰਾਹੀਂ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਕੁੱਤਿਆਂ ਨੂੰ ਖੁਆਉਣ ਲਈ ਇੱਕ ਨਿਰਧਾਰਤ ਜਗ੍ਹਾ ਹੋਣੀ ਚਾਹੀਦੀ ਹੈ, ਅਤੇ ਜੇ ਕਿਸੇ ਇਲਾਕੇ ਵਿੱਚ ਗਿਣਤੀ ਵੱਧ ਹੈ ਤਾਂ ਉੱਥੇ ਕੁੱਤਿਆਂ ਨੂੰ ਖੁਆਉਣ ਲਈ ਦੋ ਥਾਵਾਂ ਵੀ ਬਣਾਈਆਂ ਜਾ ਸਕਦੀਆਂ ਹਨ।

Advertisement
Advertisement
Show comments