ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਨੂੰ ਬਿਮਾਰ ਹੋਣ ਮਗਰੋਂ ਅੱਜ ਇੱਥੋਂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਹ ‘ਆਟੋਇਮਿਊਨ ਡਿਸਆਰਡਰ’ ਤੋਂ ਪੀੜਤ ਹੈ। ਆਮ ਆਦਮੀ ਪਾਰਟੀ ਸੂਤਰਾਂ ਨੇ ਦੱਸਿਆ ਕਿ 49 ਸਾਲਾ ਸੀਮਾ ਸਿਸੋਦੀਆ ਨੂੰ ਪਿਛਲੇ ਕੁੱਝ ਹਫ਼ਤਿਆਂ ਵਿੱਚ ਤੀਜੀ ਵਾਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਅਪਰੈਲ ਦੇ ਅਖ਼ੀਰ ਵਿੱਚ ਵੀ ਇੰਦਰਪ੍ਰਸਤ ਅਪੋਲੋ ਹਸਪਤਾਲ ਦੇ ਨਿਊਰੋਲੋਜੀ ਵਿਭਾਗ ਵਿੱਚ ਭਰਤੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਇਸ ਤੋਂ ਪਹਿਲਾਂ ਪਤਨੀ ਦੀ ਬਿਮਾਰੀ ਅਤੇ ਪੁੱਤਰ ਦੇ ਵਿਦੇਸ਼ ਹੋਣ ਦਾ ਹਵਾਲਾ ਦਿੰਦਿਆਂ ਜ਼ਮਾਨਤ ਦੀ ਅਪੀਲ ਕੀਤੀ ਸੀ। ‘ਆਪ’ ਆਗੂ ਦੀ ਗ੍ਰਿਫ਼ਤਾਰੀ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਨੇ ਸੀਮਾ ਸਿਸੋਦੀਆ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਸੀ। -ਪੀਟੀਆਈ