ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਸਤੰਬਰ
ਇੱਥੇ 11 ਮੁੱਖ ਕਿਸਾਨ ਜਥੇਬੰਦੀਆਂ ਦੀ ਸਰਬ ਸਾਂਝੀ ਕੁਆਰਡੀਨੇਸ਼ਨ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ 14 ਸਤੰਬਰ ਤੋਂ ਸ਼ੁਰੂ ਹੋ ਰਹੇ ਪਾਰਲੀਮੈਂਟ ਸ਼ੈਸ਼ਨ ਦੌਰਾਨ ਜਿਸ ਦਿਨ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਤਿੰਨ ਆਰਡੀਨੈਂਸਾਂ ਨੂੰ ਪਾਸ ਕਰਵਾਉਣ ਲਈ ਕੇਂਦਰ ਸਰਕਾਰ ਬਿੱਲ ਲੈ ਕੇ ਆਵੇਗੀ, ਉਸ ਦਿਨ ਪਾਰਲੀਮੈਂਟ ਦੇ ਸਾਹਮਣੇ ਕੁਆਰਡੀਨੇਸ਼ਨ ਕਮੇਟੀ ਦੇ ਮੈਂਬਰ ਕਿਸਾਨਾਂ ਦੇ ਵੱਡੇ ਜਥੇ ਸਮੇਤ ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਕਰਨਗੇ। ਕਿਸਾਨਾਂ ਦੀਆਂ ਵੋਟਾਂ ਨਾਲ ਬਣੇ ਪਾਰਲੀਮੈਂਟ ਮੈਂਬਰਾਂ ਨੂੰ ਕੁਆਰਡੀਨੇਸ਼ਨ ਕਮੇਟੀ ਅਪੀਲ ਕਰੇਗੀ ਕਿ ਜਮੀਰ ਦੀ ਆਵਾਜ਼ ’ਤੇ ਦੇਸ਼ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਆਪਣੀ ਵੋਟ ਦੀ ਵਰਤੋ ਕਰਨ ਤੇ ਸੰਸਦ ਮੈਂਬਰਾਂ ਨੂੰ ਇਹ ਵੀ ਚਿਤਾਵਨੀ ਦਿੱਤੀ ਗਈ ਕਿ ਜਿਹੜੇ ਸੰਸਦ ਮੈਂਬਰ ਖੇਤੀ ਨੂੰ ਤਬਾਹ ਕਰਨ ਵਾਲੇ ਆਰਡੀਨੈਂਸਾਂ ਦੇ ਹੱਕ ਵਿੱਚ ਵੋਟ ਨਹੀਂ ਪਾਉਣਗੇ ਉਨ੍ਹਾਂ ਨੂੰ ਸਦਾ ਲਈ ਕਿਸਾਨ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ। ਕਿਸਾਨ ਕੁਆਰਡੀਨੇਸ਼ਨ ਕਮੇਟੀ ਦੇ ਮੈਂਬਰ ਅਤੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਭਾਰਤ ਦੇ ਇਤਿਹਾਸ ਵਿੱਚ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਕਿਸਾਨਾਂ ਦਾ ਵੱਡਾ ਦੁਸ਼ਮਣ ਬਣ ਕੇ ਆਇਆ ਹੈ। ਉਹ ਕਿਸਾਨਾਂ ਦੇ ਸਮੁੱਚੇ ਕਾਰੋਬਾਰ ਉੱਤੇ ਕਾਰਪੋਰੇਟ ਘਰਾਣਿਆ ਦਾ ਕਬਜ਼ਾ ਕਰਵਾਉਣਾ ਚਾਹੁੰਦਾ ਹੈ।