ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਰੰਭ ਹੋਣਗੇ ਸ਼ਹੀਦੀ ਸਮਾਗਮ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ’ਚ ਅਰਦਾਸ ਕਰ ਕੇ ਕੀਤੀ ਜਾਵੇਗੀ। ਅੱਜ ਇੱਥੇ ਪੰਜਾਬ ਭਵਨ ਵਿੱਚ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੋਗੋ ਵੀ ਜਾਰੀ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੂਰਾ ਮਹੀਨਾ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਹੈ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਕੈਬਨਿਟ ਮੰਤਰੀ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿੱਚ ਨਤਮਸਤਕ ਹੋਣਗੀਆਂ। 25 ਅਕਤੂਬਰ ਦੀ ਸ਼ਾਮ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਪਹਿਲੀ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜਿਸ ਵਿੱਚ ਗੁਰੂ ਤੇਗ ਬਹਾਦਹ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਇਆ ਜਾਵੇਗਾ। ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਨਗਰਾਂ ਤੇ ਸ਼ਹਿਰਾਂ ਵਿੱਚ ਕੀਰਤਨ ਕਰਵਾਏ ਜਾਣਗੇ। 18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਅਗਲੇ ਦਿਨ ਨਗਰ ਕੀਰਤਨ ਸਜਾਇਆ ਜਾਵੇਗਾ, ਉਹ 20 ਨਵੰਬਰ ਨੂੰ ਪਠਾਨਕੋਟ ਵਿੱਚ ਅਤੇ 21 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ਵਿਸ਼ਰਾਮ ਕਰੇਗਾ ਅਤੇ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਸੰਪੂਰਨ ਹੋਵੇਗਾ। ਇਸੇ ਦੌਰਾਨ 20 ਨਵੰਬਰ ਨੂੰ ਤਖ਼ਤ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ ਅਤੇ ਇਹ ਸਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਣਗੇ।
ਸਰਕਾਰ ਵੱਲੋਂ ਆਨੰਦਪੁਰ ਸਾਹਿਬ ਵਿੱਚ ਤਿੰਨ ਰੋਜ਼ਾ ਸਮਾਗਮ 23 ਨਵੰਬਰ ਤੋਂ
ਸੂਬਾ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਵਿਆਪਕ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਠਹਿਰਨ ਲਈ ਟੈਂਟ ਸਿਟੀ ਬਣਾਈ ਜਾਵੇਗੀ, ਜਿਸ ਦਾ ਨਾਮ ‘ਚੱਕ ਨਾਨਕੀ’ ਹੋਵੇਗਾ ਅਤੇ 15 ਹਜ਼ਾਰ ਸੰਗਤ ਦੇ ਠਹਿਰਨ ਦੀ ਸਮਰੱਥਾ ਹੋਵੇਗੀ। ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ। ਪ੍ਰਦਰਸ਼ਨੀ ਤੇ ਡਰੋਨ ਸ਼ੋਅ ਵੀ ਕਰਵਾਇਆ ਜਾਵੇਗਾ। 24 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਰਵਾਇਆ ਜਾਵੇਗਾ। 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂ ਹੋਏ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਵੇਗੀ। ਇਸ ਦੌਰਾਨ ਦਿੱਲੀ ਦੇ ਤਿਲਕ ਨਗਰ ਹਲਕੇ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਅਭਿਨਵ ਤ੍ਰਿਖਾ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਾਵੇਗਾ ਸੱਦਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਸਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਸਮੀ ਸੱਦਾ ਦੇਣਗੇ। ਇੱਕ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਸਬੰਧੀ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮਾਂ ਦਾ ਵਿਸਥਾਰਿਤ ਅਧਿਕਾਰਿਤ ਪ੍ਰੋਗਰਾਮ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੋਵਾਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਉਨ੍ਹਾਂ ਨੂੰ ਅਪੀਲ ਕਰਨਗੇ ਕਿ ਉਹ ਆਪਣੀ ਸਹੂਲਤ ਮੁਤਾਬਕ ਇਸ ਵਿੱਚ ਸ਼ਾਮਲ ਹੋਣ।