ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਸਤੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ ਸਥਾਨ ’ਤੇ ਸੰਯੁਕਤ ਦਲ ਦੇ ਦਿੱਲੀ ਦੇ ਆਗੂਆਂ ਦੀ ਇੱਕ ਮੀਟਿੰਗ ਹੋਈ। ਇਸ ਮੌਕੇ ਦਿੱਲੀ ਇਕਾਈ ਦੇ ਪ੍ਰਧਾਨ ਹਰਮਨਜੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਸਨਮਾਨ ਕੀਤਾ ਗਿਆ। ਹਰਮਨਜੀਤ ਸਿੰਘ ਤੇ ਸਾਥੀਆਂ ਦੀ ਟੀਮ ਨੇ ਵਕਾਰੀ ਰਾਜੌਰੀ ਗਾਰਡਨ ਸਿੰਘ ਸਭਾ ਦੀ ਚੋਣ ਸਰਨਾ ਧੜੇ ਦੇ ਸਮਰਥਨ ਪ੍ਰਾਪਤ ਉਮੀਦਵਾਰ ਤੋਂ ਵੱਡੇ ਫਰਕ ਨਾਲ ਜਿੱਤਣ ਮਗਰੋਂ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ ਤੇ ਦਿੱਲੀ ਦੇ ਸਿੱਖਾਂ ਨਾਲ ਜੁੜੇ ਮਸਲੇ ਵਿਚਾਰੇ ਗਏ। ਇਸੇ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਕਮੇਟੀ ਮੈਂਬਰਾਂ ਦੇ ਇਕ ਵਫ਼ਦ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ।