ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਫਰਵਰੀ
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਤਿਸ਼ੀ ਨੇ ਕਿਹਾ ਕਿ ਖਿਚੜੀਪੁਰ ਖੇਤਰ ਤੋਂ ਤਿੰਨ ਦਿਨਾਂ ਤੋਂ ਲਾਪਤਾ ਇੱਕ ਦਲਿਤ ਸਮਾਜ ਨਾਲ ਸਬੰਧਤ ਲੜਕੀ ਨੂੰ ਅੱਜ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਆਤਿਸ਼ੀ ਨੇ ਦੋਸ਼ ਲਾਇਆ ਕਿ ਕੇਸ ਦਰਜ ਹੋਣ ਦੇ ਬਾਵਜੂਦ ਦਿੱਲੀ ਪੁਲੀਸ ਨੇ ਭਾਜਪਾ ਆਗੂਆਂ ਦੀ ਭਾਲ ਕਰਨ ਦੀ ਬਜਾਏ ਉਨ੍ਹਾਂ ਦੀ ਰੱਖਿਆ ਕੀਤੀ ਹੈ। ਜਦੋਂਕਿ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਤੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਕਲਿਆਣਪੁਰੀ ਵਾਰਡ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਤਾਂ ਪੁਲੀਸ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ।
ਇਸ ਦੇ ਨਾਲ ਹੀ ਵਿਧਾਇਕ ਅਜੈ ਦੱਤ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਕੀ ਵਾਲਮੀਕਿ ਸਮਾਜ ਭਾਜਪਾ ਦੇ ਸ਼ਾਸਨ ਅਧੀਨ ਸੁਰੱਖਿਅਤ ਨਹੀਂ ਹੈ? ਸਾਡੇ ਦਲਿਤ ਅਤੇ ਵਾਲਮੀਕਿ ਸਮਾਜ ਦੇ ਲੋਕਾਂ ਨੇ ਦਿੱਲੀ ਪੁਲੀਸ ਨੂੰ ਬੇਨਤੀ ਕੀਤੀ ਕਿ ਸਾਡੀ ਲੜਕੀ ਗਾਇਬ ਹੈ ਪਰ ਉਨ੍ਹਾਂ ਕੋਈ ਕਾਰਵਾਈ ਨਹੀਂ ਕੀਤੀ।ਇਸ ਦੌਰਾਨ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਦਿੱਲੀ ਪੁਲੀਸ ਤੁਰੰਤ ਕਾਤਲ ਨੂੰ ਨਹੀਂ ਫੜਦੀ ਤਾਂ ਦਲਿਤ ਸਮਾਜ ਸੜਕਾਂ ’ਤੇ ਆ ਜਾਵੇਗਾ ਅਤੇ ਪੂਰੀ ਦਿੱਲੀ ਨੂੰ ਰੋਕ ਦੇਵੇਗਾ। ਅਤਿਸ਼ੀ ਨੇ ਕਿਹਾ ਕਿ ਦਿੱਲੀ ਪੁਲੀਸ ਦਿੱਲੀ ਦੇ ਲੋਕਾਂ, ਔਰਤਾਂ ਅਤੇ ਧੀਆਂ ਦੀ ਸੁਰੱਖਿਆ ਵਿੱਚ ਅਸਫਲ ਰਹੀ ਹੈ। ਉਨ੍ਹਾਂ ਪੁਲੀਸ ਨੂੰ ਅਪੀਲ ਕੀਤੀ ਕਿ ਇਸ ਕੇਸ ਦੀ ਜਾਂਚ ਕੀਤੀ ਜਾਵੇਗ ਕਿ ਮੁਲਜ਼ਮਾਂ ਗ੍ਰਿਫ਼ਤਾਰ ਕੀਤਾ ਜਾ ਸਕੇ।