ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐੱਸ ਜੀ ਐੱਮ ਸੀ) ਨੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ। ਇਸ ਐਪ ਦਾ ਉਦਘਾਟਨ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਗੁਰੂ ਤੇਗ਼ ਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ ਦੀ ਚੇਅਰਪਰਸਨ ਰਣਜੀਤ ਕੌਰ ਨੇ ਕੀਤਾ। ਇਹ ਐਪ ਗੁਰੂ ਤੇਗ਼ ਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ ਵਿੱਚ ਹੋਏ ਇੱਕ ਵਿਸ਼ੇਸ਼ ਕੀਰਤਨ ਸਮਾਗਮ ਦੌਰਾਨ ਲਾਂਚ ਕੀਤੀ ਗਈ। ਇਸ ਮੌਕੇ ਚੇਅਰਪਰਸਨ ਰਣਜੀਤ ਕੌਰ ਨੇ ਦੱਸਿਆ ਕਿ ਇਸ ਐਪ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਸ ਨੂੰ ਕਿਸੇ ਬਾਹਰੀ ਪ੍ਰੋਫੈਸ਼ਨਲ ਕੰਪਨੀ ਤੋਂ ਤਿਆਰ ਕਰਵਾਉਣ ਦੀ ਬਜਾਏ, ਸੰਸਥਾ ਦੇ ਹੀ ਵਿਦਿਆਰਥੀਆਂ ਅਤੇ ਸਟਾਫ਼ ਨੇ ਸੇਵਾ ਭਾਵਨਾ ਨਾਲ ਤਿਆਰ ਕੀਤਾ ਹੈ।
ਇਸ ਐਪ ਦਾ ਮੁੱਖ ਮਕਸਦ ਦੁਨੀਆ ਭਰ ਵਿੱਚ ਵੱਸਦੀ ਸਿੱਖ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਇਤਿਹਾਸ ਨਾਲ ਜੋੜਨਾ ਹੈ। ਕੋਈ ਵੀ ਵਿਅਕਤੀ ਕਿਊ ਆਰ ਕੋਡ ਨੂੰ ਸਕੈਨ ਕਰਕੇ ਇਸ ਐਪ ਨੂੰ ਡਾਊਨਲੋਡ ਕਰ ਸਕਦਾ ਹੈ ਅਤੇ ਗੁਰੂ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਫਿਲਹਾਲ ਐਪ ਵਿੱਚ ਇਤਿਹਾਸ ਦਾ 19ਵਾਂ ਅਧਿਆਇ ਅਪਲੋਡ ਕੀਤਾ ਗਿਆ ਹੈ ਅਤੇ ਪ੍ਰਬੰਧਕਾਂ ਨੇ ਭਰੋਸਾ ਦਿਵਾਇਆ ਹੈ ਕਿ ਬਾਕੀ ਸਾਰੇ ਅਧਿਆਏ ਵੀ ਬਹੁਤ ਜਲਦ ਇਸ ਵਿੱਚ ਸ਼ਾਮਲ ਕਰ ਦਿੱਤੇ ਜਾਣਗੇ। ਇਸ ਸਮਾਗਮ ਵਿੱਚ ਸੰਸਥਾ ਦੇ ਕੋ-ਚੇਅਰਮੈਨ ਅਮਰਜੀਤ ਸਿੰਘ ਪੱਪੂ, ਡਾਇਰੈਕਟਰ ਰਮਿੰਦਰ ਕੌਰ ਰੰਧਾਵਾ ਸਮੇਤ ਵੱਡੀ ਗਿਣਤੀ ਵਿੱਚ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।