
ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਅਪਰੈਲ
‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਦੇਸ਼ ਦੇ ਸਾਹਮਣੇ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ 140 ਕਰੋੜ ਲੋਕਾਂ ਨੇ ਨਰਿੰਦਰ ਮੋਦੀ ਨੂੰ ਆਪਣਾ ਪ੍ਰਧਾਨ ਮੰਤਰੀ ਚੁਣਿਆ ਹੈ, ਤਾਂ ਕੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਸਿੱਖਿਆ ਬਾਰੇ ਜਾਣਨ ਦਾ ਅਧਿਕਾਰ ਨਹੀਂ ਹੈ? ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਦੀ ਡਿਗਰੀ ’ਤੇ ਚੁੱਕੇ ਗਏ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਭਾਜਪਾ ਇਹ ਕਹਿ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਮੁੱਦਿਆਂ ਤੋਂ ਧਿਆਨ ਹਟਾ ਰਹੇ ਹਨ। ਅਜਿਹੇ ’ਚ ਭਾਜਪਾ ਨੂੰ ਪ੍ਰਧਾਨ ਮੰਤਰੀ ਦੀ ਡਿਗਰੀ ਦਿਖਾ ਕੇ ਇਸ ਮੁੱਦੇ ਨੂੰ ਖਤਮ ਕਰ ਦੇਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦੀ ਡਿਗਰੀ ਮੰਗਣ ’ਤੇ ਅਰਵਿੰਦ ਕੇਜਰੀਵਾਲ ਨੂੰ ਜੁਰਮਾਨਾ ਲਗਾਇਆ ਗਿਆ ਹੈ, ਜਿਸ ਦੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦੇ ਮਨਾਂ ਵਿੱਚ ਇਹ ਸਵਾਲ ਉੱਠ ਰਿਹਾ ਹੈ ਕਿ ਜੇ ਪ੍ਰਧਾਨ ਮੰਤਰੀ ਘੱਟ ਪੜ੍ਹੇ-ਲਿਖੇ ਹਨ ਤਾਂ ਕੀ ਦੇਸ਼ ਦੀ ਆਰਥਿਕਤਾ, ਕਿਸਾਨਾਂ, ਫੌਜ ਅਤੇ ਨੌਜਵਾਨਾਂ ਦਾ ਭਵਿੱਖ ਉਨ੍ਹਾਂ ਦੇ ਹੱਥਾਂ ਵਿੱਚ ਸੁਰੱਖਿਅਤ ਹੈ? ਆਮ ਆਦਮੀ ਪਾਰਟੀ ਦੇ ਆਗੂ ਸੰਜੈ ਸਿੰਘ ਨੇ ਪਾਰਟੀ ਹੈੱਡਕੁਆਰਟਰ ’ਚ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ 140 ਕਰੋੜ ਲੋਕਾਂ ਨੇ ਨਰਿੰਦਰ ਮੋਦੀ ਨੂੰ ਆਪਣਾ ਪ੍ਰਧਾਨ ਮੰਤਰੀ ਚੁਣਿਆ। ਕੀ ਉਨ੍ਹਾਂ ਨੂੰ ਆਪਣੇ ਪ੍ਰਧਾਨ ਮੰਤਰੀ ਦੀ ਪੜ੍ਹਾਈ ਬਾਰੇ ਨਹੀਂ ਪਤਾ ਹੋਣਾ ਚਾਹੀਦਾ?
ਕੇਂਦਰ ’ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੋਪਾਲ ਰਾਏ ਦੀ ਅਗਵਾਈ ਹੇਠ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਵਿਰੁੱਧ ਅੱਜ ਵਿਧਾਨ ਸਭਾ ਹਲਕਾ ਬਾਬਰਪੁਰ ਵਿੱਚ 30 ਮੁਹੱਲਾ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੁਹੱਲਾ ਮੀਟਿੰਗਾਂ ਦੌਰਾਨ ਰਾਏ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਦੱਸਿਆ ਕਿ ਕੇਂਦਰ ਦੀਆਂ ਸਾਜਿਸ਼ਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ‘ਆਪ’ ਦੇ ਵਰਕਰਾਂ ਨਾਲ ਮਿਲ ਕੇ 30 ਦੇ ਕਰੀਬ ਮੁਹੱਲਾ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਲੋਕਾਂ ਨੂੰ ਕੇਂਦਰ ਸਰਕਾਰ ਦੇ ਦੋਹਰੇ ਮਾਪਦੰਡਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਦੋਵਾਂ ਨੂੰ ਕੰਮ ਕਰਨ ਅਤੇ ਸਰਕਾਰ ਚਲਾਉਣ ਦਾ ਮੌਕਾ ਦਿੱਤਾ ਪਰ ਕੁੱਝ ਨਹੀਂ ਹੋਇਆ। ਦਿੱਲੀ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਵੋਟਾਂ ਪਾਉਂਦੇ ਰਹੇ ਅਤੇ ਦਿੱਲੀ ਦੇ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਗਈ। ਇਸੇ ਤਰ੍ਹਾਂ ਬਿਜਲੀ-ਪਾਣੀ ਦੀਆਂ ਕੀਮਤਾਂ ਵੀ ਵਧਦੀਆਂ ਰਹੀਆਂ। ਰਾਏ ਨੇ ਕਿਹਾ ਕਿ ਦਿੱਲੀ ਵਿੱਚ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਇੱਕ ਮੈਗਾ ਡੋਰ-ਟੂ-ਡੋਰ ਅਤੇ ਦਸਤਖਤ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਘਰ-ਘਰ ਜਾ ਕੇ ਦਸਤਖ਼ਤ ਮੁਹਿੰਮ ਰਾਹੀਂ ‘ਆਪ’ ਵੱਲੋਂ ਦਿੱਲੀ ਵਿੱਚ ਸਿੱਖਿਆ-ਸਿਹਤ ਦੇ ਚੰਗੇ ਕੰਮਾਂ ਨੂੰ ਰੋਕਣ ਦੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ