ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ‘ਰੰਗਰੇਟਾ ਗੁਰੂ ਕਾ ਬੇਟਾ’ ਮੋਟਰਸਾਈਕਲ ਰੈਲੀ ਕੀਤੀ ਗਈ। ਇਹ ਰੈਲੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ, ਗੁਰੂ ਤੇਗ ਬਹਾਦਰ ਚੌਥਾ ਸ਼ਤਾਬਦੀ ਇੰਜਨੀਅਰਿੰਗ ਕਾਲਜ, ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਵੱਲੋਂ ਸਾਂਝੇ ਤੌਰ ’ਤੇ ਕਰਵਾਈ ਗਈ।
ਇਹ ਰੈਲੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ, ਹਰੀ ਨਗਰ ਤੋਂ ਸ਼ੁਰੂ ਹੋਈ, ਜਿਸ ਨੂੰ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਵਿੱਚ ਸੈਂਕੜੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਉਨ੍ਹਾਂ ਦਾ ਸੰਦੇਸ਼ ਅੱਜ ਵੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।
ਇਸ ਸਮਾਗਮ ਦਾ ਇੱਕ ਹੋਰ ਖਾਸ ਆਕਰਸ਼ਣ ਕਾਲਜ ਕੈਂਪਸ ਵਿੱਚ ਬਣਾਏ ਗਏ ‘ਸ਼ਹੀਦੀ ਮਾਰਗ’ ਦਾ ਉਦਘਾਟਨ ਸੀ। ਇਸ ਮਾਰਗ ’ਤੇ ਵਿਸ਼ੇਸ਼ ਫੋਟੋ ਪ੍ਰਦਰਸ਼ਨੀ ਲਗਾਈ ਗਈ ਹੈ, ਜਿਸ ਵਿੱਚ ਗੁਰੂ ਜੀ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਤੱਕ ਦੇ ਸਫ਼ਰ ਨੂੰ ਇਤਿਹਾਸਕ ਤਸਵੀਰਾਂ ਅਤੇ ਜਾਣਕਾਰੀ ਰਾਹੀਂ ਦਰਸਾਇਆ ਗਿਆ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਗੌਰਵਮਈ ਵਿਰਸੇ ਨਾਲ ਜੋੜਿਆ ਜਾ ਸਕੇ।
ਗੁਰੂ ਤੇਗ ਬਹਾਦਰ ਇੰਜੀਨੀਅਰਿੰਗ ਕਾਲਜ ਦੀ ਚੇਅਰਪਰਸਨ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਜਿੱਥੇ ਪੂਰਾ ਦੇਸ਼ ਗੁਰੂ ਸਾਹਿਬ ਦਾ 350ਵਾਂ ਸ਼ਹੀਦੀ ਦਿਵਸ ਮਨਾ ਰਿਹਾ ਹੈ, ਉੱਥੇ ਹੀ ਗੁਰੂ ਸਾਹਿਬ ਦੇ ਨਾਮ ’ਤੇ ਬਣੇ ਦਿੱਲੀ ਕਮੇਟੀ ਦੇ ਸਾਰੇ ਕਾਲਜਾਂ ਨੇ ਮਿਲ ਕੇ ਇਹ ਉਪਰਾਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਸਮਾਗਮਾਂ ਦੀ ਯੋਜਨਾ ਬਣਾਈ ਗਈ ਹੈ ਤਾਂ ਜੋ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ , ਡਾਇਰੈਕਟਰ ਰਮਿੰਦਰ ਕੌਰ ਰੰਧਾਵਾ, ਹਰਜੀਤ ਸਿੰਘ ਪੱਪਾ, ਭੁਪਿੰਦਰ ਸਿੰਘ ਗਿੰਨੀ ਅਤੇ ਹੋਰ ਹਾਜ਼ਰ ਸਨ।

