ਸ੍ਰੀ ਆਨੰਦਪੁਰ ਸਾਹਿਬ ਤੋਂ ਨਗਰ ਕੀਰਤਨ ਦਿੱਲੀ ਪਹੁੰਚਿਆ
ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਵੱਲੋਂ ਧਰਮ ਰੱਖਿਅਕ ਯਾਤਰਾ ਦਾ ਸਵਾਗਤ
ਕੁਲਵਿੰਦਰ ਸਿੰਘ ਦਿਓਲ
ਸ੍ਰੀ ਆਨੰਦਪੁਰ ਸਾਹਿਬ ਤੋਂ ਕੱਲ੍ਹ ਸ਼ੁਰੂ ਹੋਈ ‘ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ਵਿਚ ਅੱਜ ਅੰਬਾਲਾ ਤੋਂ ਦੇਰ ਸ਼ਾਮ ਨਵੀਂ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਪਹੁੰਚੀ। ਇਹ ਯਾਤਰਾ ਕੱਲ੍ਹ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਣ ਮਗਰੋਂ ਅੰਬਾਲਾ ਵਿਚ ਗੁਰਦੁਆਰਾ ਮੰਜੀ ਸਾਹਿਬ ਵਿਖੇ ਠਹਿਰਾਅ ਦੇ ਰੁੂਪ ਵਿਚ ਰੁਕੀ ਸੀ। ਅੱਜ ਸਵੇਰੇ ਯਾਤਰਾ ਗੁਰਦੁਆਰਾ ਮੰਜੀ ਸਾਹਿਬ ਤੋਂ ਆਰੰਭ ਹੋਈ ਅਤੇ ਤਰਾਵੜੀ ਤੇ ਹੋਰ ਥਾਵਾਂ ਤੋਂ ਹੁੰਦੀ ਹੋਈ ਦੇਰ ਸ਼ਾਮ ਗੁਰਦੁਆਰਾ ਸੀਸਗੰਜ ਸਾਹਿਬ ਪਹੁੰਚੀ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਸਮੁੱਚੇ ਰਸਤੇ ਵਿਚ ਸੰਗਤਾਂ ਨੇ ਨਗਰ ਕੀਰਤਨ ਰੂਪੀ ਯਾਤਰਾ ਨੂੰ ਬਹੁਤ ਪਿਆਰ ਅਤੇ ਸਤਿਕਾਰ ਦਿੱਤਾ ਹੈ। ਉਹ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਦੇ ਵੀ ਧੰਨਵਾਦੀ ਹਨ, ਜਿਨ੍ਹਾਂ ਨੇ ਯਾਤਰਾ ਦਾ ਸਨਮਾਨ ਤੇ ਸਵਾਗਤ ਕੀਤਾ। ਇਹ ਜੀਵਨ ਵਿਚ ਇਕ ਵਾਰ ਆਉਣ ਵਾਲਾ ਇਤਿਹਾਸਕ ਮੌਕਾ ਹੈ, ਜਦੋਂ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿੰਨ ਸੇਵਕ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉਹ ਸੰਗਤਾਂ ਵਡਭਾਗੀਆਂ ਹਨ, ਜਿਨ੍ਹਾਂ ਨੂੰ ਇਹ ਦਿਹਾੜਾ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੁਨੀਆਂ ਵਿਚ ਅਦੁੱਤੀ ਸ਼ਹਾਦਤ ਹੈ, ਜਿਸ ਦੀ ਕੋਈ ਹੋਰ ਮਿਸਾਲ ਦੁਨੀਆਂ ਵਿਚ ਨਹੀਂ ਮਿਲਦੀ, ਜਦੋਂ ਕਿ ਗੁਰੂ ਸਾਹਿਬ ਨੇ ਕਿਸੇ ਹੋਰ ਧਰਮ ਦੀ ਰੱਖਿਆ ਵਾਸਤੇ ਆਪਣੀ ਸ਼ਹਾਦਤ ਦਿੱਤੀ ਹੋਵੇ। ਇਹ ਮਹਾਨ ਕਾਰਜ ਸਿੱਖ ਧਰਮ ਦੀ ਝੋਲੀ ਹੀ ਗੁਰੂ ਸਾਹਿਬ ਨੇ ਆਪ ਪਾਏ ਹਨ। ਸਿੱਖ ਕੌਮ ਦੁਨੀਆਂ ਦੀ ਇਕਲੌਤੀ ਕੌਮ ਹੈ, ਜਿਸ ਨੇ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਹਨ ਤੇ ਇਹ ਸ਼ਹਾਦਤਾਂ ਹੀ ਸਾਡਾ ਮਾਰਗ ਦਰਸ਼ਨ ਕਰਦੀਆਂ ਹਨ।
ਸ਼ਹੀਦੀ ਨਗਰ ਕੀਰਤਨ ਫਗਵਾੜਾ ਤੋਂ ਫਿਲੌਰ ਲਈ ਰਵਾਨਾ
ਅੰਮ੍ਰਿਤਸਰ/ਫਗਵਾੜਾ (ਮਨਮੋਹਨ ਸਿੰਘ ਢਿੱਲੋਂ/ਜਸਬੀਰ ਸਿੰਘ ਚਾਨਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਮੌ ਸਾਹਿਬ ਫਿਲੌਰ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਗੁਰਬਖ਼ਸ਼ ਸਿੰਘ ਖਾਲਸਾ, ਸੁਰਜੀਤ ਸਿੰਘ ਰਾਏ, ਬੀਬੀ ਦਵਿੰਦਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਭਾਈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ਵਿਚ ਵੱਖ ਵੱਖ ਪੜਾਵਾਂ ਉਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ।

