ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਫਰਵਰੀ
ਇੱਥੇ ਜੰਤਰ-ਮੰਤਰ ’ਤੇ ਨੈਸ਼ਨਲ ਅਕਾਲੀ ਦਲ ਵੱਲੋਂ ਸੈਂਕੜੇ ਲੋਕਾਂ ਨੇ ਵਿਸ਼ਵ ਸ਼ਾਂਤੀ ਲਈ ਅਰਦਾਸ ਤੇ ਪ੍ਰਦਰਸ਼ਨ ਕੀਤਾ। ਨੈਸ਼ਨਲ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਪੰਮਾ ਨੇ ਇਨਕਲਾਬੀਆਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਤੇ ਯੂਕਰੇਨ-ਰੂਸ ਜੰਗ ਦੇ ਮੱਦੇਨਜ਼ਰ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਪੰਮਾ ਅਤੇ ਇੰਦਰਜੀਤ ਨੇ ਸਰਕਾਰ ਤੋਂ ਮੰਗ ਕੀਤੀ ਕਿ ਜੋ ਵਿਦਿਆਰਥੀ ਯੂਕਰੇਨ ਵਿੱਚ ਪੜ੍ਹਨ ਗਏ ਸਨ, ਉਨ੍ਹਾਂ ਨੂੰ ਤੁਰੰਤ ਭਾਰਤ ਵਾਪਸ ਲਿਆਂਦਾ ਜਾਵੇ।
ਇਸ ਉਪਰੰਤ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਨੇ ਮੰਗ ਕੀਤੀ ਕਿ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ। ਭਾਰਤ ਦੇ ਮਹਾਨ ਕ੍ਰਾਂਤੀਕਾਰੀ ਚੰਦਰਸ਼ੇਖਰ ਆਜ਼ਾਦ, ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦਿੱਤੀ।