ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਸਤੰਬਰ
ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਪਾਰਟੀ ਕਾਰਕੁਨਾਂ ਨੇ ਅੱਜ ਜੰਤਰ-ਮੰਤਰ ’ਤੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਉਨ੍ਹਾਂ ਸਰਕਾਰ ਤੋਂ ਸੋਸ਼ਲ ਮੀਡੀਆ ‘ਤੇ ਅਸ਼ਲੀਲ ਸਮੱਗਰੀ ‘ਤੇ ਪਾਬੰਦੀ ਲਗਾਉਣ ਅਤੇ ਅਸ਼ਲੀਲ ਸਮੱਗਰੀ ਪਾਉਣ ਵਾਲੀਆਂ ਕੰਪਨੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ| ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਜੰਤਰ ਮੰਤਰ ’ਤੇ ਮਹਿਲਾ ਵਿੰਗ ਦੀ ਕੌਮੀ ਪ੍ਰਧਾਨ ਭਾਵਨਾ ਧਵਨ, ਸੀਨੀਅਰ ਮੀਤ ਪ੍ਰਧਾਨ ਨੀਰੂ ਸਹਿਗਲ, ਮੀਤ ਪ੍ਰਧਾਨ ਸਰਬਜੀਤ ਕੌਰ, ਜਨਰਲ ਸਕੱਤਰ ਮਧੂ ਸ਼ਰਮਾ, ਦਿੱਲੀ ਪ੍ਰਦੇਸ਼ ਪ੍ਰਧਾਨ ਕੁਲਦੀਪ ਸਿੰਘ ਮਾਰਵਾ, ਦਲਜੀਤ ਸਿੰਘ ਚੱਗਰ, ਜਸਬੀਰ ਸਿੰਘ ਸਰਨਾ ਤੇ ਬਲਵਿੰਦਰ ਸਿੰਘ ਸਰਨਾ ਨੇ ਸ਼ਿਰਕਤ ਕੀਤੀ|
ਇਸ ਦੌਰਾਨ ਉਨ੍ਹਾਂ ਨੇ ਨਾਅਰੇਬਾਜ਼ੀ ਕਰਦਿਆਂ ਸੋਸ਼ਲ ਮੀਡੀਆ ‘ਤੇ ਅਸ਼ਲੀਲ ਸਮੱਗਰੀ ਬੰਦ ਕਰਨ, ਅਸ਼ਲੀਲ ਸਮੱਗਰੀ ਪੋਸਟ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਸ੍ਰੀ ਪੰਮਾ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਂ ਇੱਕ ਮੰਗ ਪੱਤਰ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਅਸ਼ਲੀਲ ਸਮੱਗਰੀ ਦਾ ਵਾਧਾ ਹੋ ਰਿਹਾ ਹੈ। ਕੇਂਦਰ ਸਰਕਾਰ ਨੂੰ ਇਸ ਦਿਸ਼ਾ ਵੱਲ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਇਹ ਨਾ ਸਿਰਫ਼ ਸਾਡੀ ਨੌਜਵਾਨ ਪੀੜ੍ਹੀ ਨੂੰ ਨਕਾਰਾਤਮਕ ਤੌਰ ‘ਤੇ ਪ੍ਰਭਾਵਿਤ ਕਰਦਾ ਹੈ, ਸਗੋਂ ਔਰਤਾਂ ਵਿਰੁੱਧ ਅਪਰਾਧਾਂ ਤੇ ਹੋਰ ਅਪਰਾਧਾਂ ਵਿੱਚ ਵੀ ਵਾਧਾ ਹੁੰਦਾ ਹੈ। ਪੰਮਾ ਅਤੇ ਭਾਵਨਾ ਧਵਨ ਨੇ ਅਜਿਹੀ ਅਸ਼ਲੀਲ ਸਮੱਗਰੀ ‘ਤੇ ਨਜ਼ਰ ਰੱਖਣ ਲਈ ਸੈਂਸਰ ਬੋਰਡ ਬਣਾਉਣ ਦੀ ਮੰਗ ਕੀਤੀ ਅਤੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਅਜਿਹੀ ਸਮੱਗਰੀ ਦੀਆਂ ਪੋਸਟਾਂ ਨੂੰ ਤੁਰੰਤ ਹਟਾਇਆ ਜਾਵੇ ਅਤੇ ਅਜਿਹੀ ਸਮੱਗਰੀ ਪੋਸਟ ਕਰਨ ਵਾਲੇ ਵਿਅਕਤੀ ਨੂੰ ਸਜ਼ਾ ਦਿੱਤੀ ਜਾਵੇ ਅਤੇ ਉਸ ਨੂੰ ਸਥਾਈ ਤੌਰ ‘ਤੇ ਬਲੌਕ ਕੀਤਾ ਜਾਵੇ|
ਧਰਨਾਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਅਪਰਾਧੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਨਾਲ ਹੀ ਸੋਸ਼ਲ ਮੀਡੀਆ ‘ਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਕਾਨੂੰਨ ਦਾ ਡਰ ਬਣਿਆ ਰਹੇ| ਇਸ ਮੌਕੇ ਰੂਬੀ ਜਿੰਦਲ, ਰੁਪਾਲੀ ਸੋਨੀ, ਸੋਨਾ ਬੱਤਰਾ, ਇਰਫਾਨ ਅੰਸਾਰੀ, ਰੇਣੂ ਬਾਹਲੀ, ਸੁਮਨ ਤੋਮਰ, ਆਈਪੀਐੱਸ ਬੇਦੀ ਤਰਲੋਚਨ ਸਿੰਘ, ਸੁਰਜੀਤ ਸਿੰਘ ਨਈਅਰ ਤੇ ਗਗਨ ਖੰਨਾ ਸਣੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।